ਸਰਕਾਰ ਦੇਸ਼ ਦੀ ਸੁਰੱਖਿਆ ਨੂੰ ਦੇ ਰਹੀ ਹੈ ਤਰਜੀਹ: ਜੈਸ਼ੰਕਰ
ਐਜ਼ੌਲ, 11 ਅਪਰੈਲ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਕੇਂਦਰ ਨੇ ਭਾਰਤ-ਮਿਆਂਮਾਰ ਸਰਹੱਦ ’ਤੇ ਤਾਰ ਲਗਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਲੋਕਾਂ ਦੀ ਖੁੱਲ੍ਹੇਆਮ ਆਵਾਜਾਈ ਵਾਲੇ ਪ੍ਰਬੰਧ ਨੂੰ ਖ਼ਤਮ ਕੀਤਾ ਜਾ ਸਕੇ ਕਿਉਂਕਿ ਸਰਕਾਰ ਦੇਸ਼ ਦੀ ਸੁਰੱਖਿਆ ਨੂੰ ਤਰਜੀਹ ਦਿੰਦੀ ਹੈ।
ਐਜ਼ੌਲ ’ਚ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ ਮਿਜ਼ੋਰਮ ਸਮੇਤ ਸੂਬਿਆਂ ਅਤੇ ਦੇਸ਼ ਦੀ ਸੁਰੱਖਿਆ ਲਈ ਵਿਸ਼ੇਸ਼ ਇਹਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਮਿਆਂਮਾਰ ’ਚ ਹਾਲਾਤ ਠੀਕ ਨਹੀਂ ਹਨ ਅਤੇ ਜੇਕਰ ਉਥੇ ਗੜਬੜ ਨਾ ਹੁੰਦੀ ਤਾਂ ਭਾਰਤ ਨੂੰ ਸਰਹੱਦ ’ਤੇ ਤਾਰ ਲਗਾਉਣ ਦੀ ਲੋੜ ਨਹੀਂ ਪੈਣੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦੇ ਹਿੱਤਾਂ, ਰੀਤੀ-ਰਿਵਾਜਾਂ ਅਤੇ ਸਬੰਧਾਂ ਪ੍ਰਤੀ ਬਹੁਤ ਸੰਵੇਦਨਸ਼ੀਲ ਹੈ। ਮਿਜ਼ੋਰਮ ਅਸੈਂਬਲੀ ਨੇ 28 ਫਰਵਰੀ ਨੂੰ ਮਤਾ ਪਾਸ ਕਰਕੇ ਭਾਰਤ-ਮਿਆਂਮਾਰ ਸਰਹੱਦ ’ਤੇ ਤਾਰ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਸੀ। ਉਨ੍ਹਾਂ ਖੁੱਲ੍ਹੇ ਆਵਾਜਾਈ ਪ੍ਰਬੰਧ ਨੂੰ ਖ਼ਤਮ ਕਰਨ ਦਾ ਵੀ ਵਿਰੋਧ ਕੀਤਾ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਲਾਲਦੁਹੋਮਾ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਕੌਮਾਂਤਰੀ ਸਰਹੱਦ ’ਤੇ ਤਾਰਬੰਦੀ ਦੇ ਵਿਚਾਰ ਦਾ ਤਿੱਖਾ ਵਿਰੋਧ ਕਰੇਗੀ ਪਰ ਜੇਕਰ ਕੇਂਦਰ ਸਰਕਾਰ ਆਪਣੀ ਯੋਜਨਾ ਲਾਗੂ ਕਰਦੀ ਹੈ ਤਾਂ ਮਿਜ਼ੋਰਮ ਸਰਕਾਰ ਨੂੰ ਇਸ ਦਾ ਵਿਰੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ। -ਪੀਟੀਆਈ