ਸਰਕਾਰ ਪਰਾਲੀ ਦੇ ਹੱਲ ਲਈ ਸੁਹਿਰਦ ਨਹੀਂ: ਰੁਲਦੂ ਸਿੰਘ
ਨਿੱਜੀ ਪੱਤਰ ਪ੍ਰੇਰਕ
ਬਟਾਲਾ, 19 ਨਵੰਬਰ
ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪਰਾਲੀ ਦੀ ਸਮੱਸਿਆ ਤਾਂ ਹੀ ਹੱਲ ਹੋ ਸਕਦੀ ਹੈ ਜੇ ਸਰਕਾਰ ਸੁਹਿਰਦ ਹੋਵੇ। ਉਨ੍ਹਾਂ ਕਿਹਾ ਮਨਰੇਗਾ ਰਾਹੀਂ ਪਰਾਲੀ ਦੀ ਸੰਭਾਲ ਬਾਰੇ ਕੋਈ ਯਤਨ ਨਹੀਂ ਹੋ ਰਿਹਾ। ਉਹ ਅੱਜ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਇਲਾਕੇ ਦੇ ਯੂਨੀਅਨ ਆਗੂਆਂ ਅਤੇ ਆਮ ਲੋਕਾਂ ਨੂੰ ਲਾਮਬੰਦ ਕਰ ਰਹੇ ਸਨ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ, ਮਜ਼ਦੂਰਾਂ ਦੇ ਹਿੱਤਾਂ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ, ਸਗੋਂ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ’ਤੇ ਲੱਗੀ ਹੈ। ਇਸ ਮੌਕੇ ’ਤੇ ਮਜ਼ਦੂਰ ਆਗੂ ਸੂਬਾ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਸਣੇ ਹੋਰ ਆਗੂ ਵੀ ਹਾਜ਼ਰ ਸਨ।
ਯੂਨੀਅਨ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਕਿਸਾਨ ਯੂਨੀਅਨ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਦੇ ਮੋਰਚੇ ਵਿੱਚ 150 ਟਰੈਕਟਰ-ਟਰਾਲੀਆਂ ਦੇ ਕਾਫ਼ਲੇ ਨਾਲ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਅਸਲ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦੇਣ ਦਾ ਭਰੋਸਾ ਦਿੱਤਾ ਸੀ ਜਿਸ ’ਤੇ ਹੁਣ ਤਕ ਅਮਲ ਨਹੀਂ ਹੋਇਆ। ਪਰਾਲ਼ੀ ਦੇ ਮੁੱਦੇ ਉੱਪਰ ਬੋਲਦਿਆਂ ਉਨ੍ਹਾਂ ਕਿਹਾ ਕਿ ਜੇ ਸਰਕਾਰ ਕਿਸਾਨਾਂ ਦੀ ਯੋਗ ਮਦਦ ਕਰਦੀ ਤਾਂ ਕੋਈ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਂਦੇ। ਪਰਾਲੀ ਨੂੰ ਮਨਰੇਗਾ ਸਕੀਮ ਤਹਿਤ ਵੀ ਸਾਂਭਿਆ ਜਾ ਸਕਦਾ ਹੈ ਪਰ ਸਰਕਾਰਾਂ ਪਾਸ ਕੋਈ ਯੋਜਨਾ ਨਹੀਂ ਹੈ। ਕਾਮਰੇਡ ਬੱਖਤਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਹੜਾਂ ਨਾਲ ਮਜ਼ਦੂਰਾਂ ਕਿਸਾਨਾਂ ਦੇ ਹੋਏ ਜਾਨੀ ਮਾਲੀ ਨੁਕਸਾਨ ਦਾ ਕੋਈ ਮੁਆਵਜ਼ਾ ਤੱਕ ਨਹੀਂ ਦੇ ਸਕੀ।