ਸਿਹਤ ਅਮਲੇ ਦੀ ਸੁਰੱਖਿਆ ਬਾਰੇ ਸਰਕਾਰ ਸੰਜੀਦਾ: ਬਲਬੀਰ ਸਿੰਘ
ਖੇਤਰੀ ਪ੍ਰਤੀਨਿਧ
ਪਟਿਆਲਾ, 7 ਸਤੰਬਰ
ਇੱਥੇ ਰਾਜਿੰਦਰਾ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਦੇਰ ਸ਼ਾਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਤੇ ਕਾਲਜ ਦੀ ਕਾਇਆਕਲਪ ਲਈ 200 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਦੌਰਾਨ ਜੂਨੀਅਰ ਰੈਜ਼ੀਡੈਂਟਸ ਡਾਕਟਰਾਂ ਦੀ ਮੰਗ ’ਤੇ ਉਨ੍ਹਾਂ ਨੇ ਪੁਖ਼ਤਾ ਸੁਰੱਖਿਆ ਦੇ ਪ੍ਰਬੰਧ ਕਰਨ ਦਾ ਭਰੋਸਾ ਵੀ ਦਿਵਾਇਆ ਅਤੇ ਦੁਹਰਾਇਆ ਕਿ ਸਰਕਾਰ ਸੂਬੇ ਵਿੱਚ ਸਿਹਤ ਅਮਲੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਐੱਸਐੱਸਪੀ ਡਾ. ਨਾਨਕ ਸਿੰਘ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਕਿਹਾ ਕਿ ਇਸੇ ਮੌਕੇ ਰਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਵਿੱਚ 128 ਕਰੋੜ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਜਲਦੀ ਹੀ 70 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਟਰੌਮਾ ਸੈਂਟਰ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ। ਮੈਡੀਕਲ ਕਾਲਜ ਵਿਖੇ ਉਸਾਰੇ ਜਾ ਰਹੇ ਸਪੋਰਟਸ ਸਟੇਡੀਅਮ ਦਾ ਕੰਮ ਮੁਕੰਮਲ ਹੋਣ ਨੇੜੇ ਹੈ ਅਤੇ ਫੈਕਲਿਟੀ ਹਾਊਸਿੰਗ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਅਧਿਕਾਰੀਆਂ ਨੂੰ ਸਾਰੇ ਕੰਮ ਮਿਥੇ ਸਮੇਂ ਵਿੱਚ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਏਡੀਸੀ ਕੰਚਨ, ਐੱਸਪੀ ਮੁਹੰਮਦ ਸਰਫਰਾਜ ਆਲਮ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਕਰਨਲ ਜੇਵੀ ਸਿੰਘ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਗਰਿਸ਼ ਸਾਹਨੀ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਡਾ. ਰਜਨੀਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।