ਸਿੱਖਿਆ ਦਾ ਮਿਆਰ ਚੁੱਕਣ ਲਈ ਸਰਕਾਰ ਯਤਨਸ਼ੀਲ: ਚੀਮਾ
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 23 ਅਕਤੂਬਰ
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਮਰੇਡ ਭੀਮ ਸਿੰਘ ਸਕੂਲ ਆਫ਼ ਐਮੀਨੈਂਸ ਦਿੜ੍ਹਬਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ ਪੱਧਰ ਨੂੰ ਬੁਲੰਦੀਆਂ ’ਤੇ ਲਿਜਾਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਚੀਮਾ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਸਾਮਾਨ ਨੂੰ ਦੇਖਿਆ ਤੇ ਖਰੀਦਦਾਰੀ ਕੀਤੀ ਅਤੇ ਬੱਚਿਆਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ ਜਿਨਾਂ ਨੂੰ ਦੂਰ ਕਰਨ ਲਈ ਢੁਕਵੇਂ ਉਪਰਾਲੇ ਕੀਤੇ ਜਾਂਦੇ ਹਨ। ਇਸ ਮੌਕੇ ਓਐੱਸਡੀ ਤਪਿੰਦਰ ਸਿੰਘ ਸੋਹੀ, ਐੱਸਡੀਐੱਮ ਰਾਜੇਸ਼ ਸ਼ਰਮਾ, ਸ਼ਹਿਰੀ ਦਿੜ੍ਹਬਾ ਦੇ ਪ੍ਰਧਾਨ ਇੰਦਰਜੀਤ ਸ਼ਰਮਾ ਵੀ ਮੌਜੂਦ ਸਨ।