ਚਾਰ ਜ਼ਿਲ੍ਹਿਆਂ ’ਚ ਬਣਨਗੇ ਸਰਕਾਰੀ ਮੈਡੀਕਲ ਕਾਲਜ: ਬਲਬੀਰ ਸਿੰਘ
ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਨਵੰਬਰ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਚਾਰ ਹੋਰ ਜ਼ਿਲ੍ਹਿਆਂ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਬਣਾਏ ਜਾਣਗੇ ਜਿਨ੍ਹਾਂ ਦਾ ਨਿਰਮਾਣ ਕਾਰਜ ਅਗਲੇ ਛੇ ਮਹੀਨਿਆਂ ਤੱਕ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ ਤੇ ਮਾਲੇਰਕੋਟਲਾ ਵਿੱਚ ਇਹ ਨਵੇਂ ਸਰਕਾਰੀ ਮੈਡੀਕਲ ਕਾਲਜ ਬਣਾਉਣ ਦੀ ਪ੍ਰਕਿਰਿਆ ਆਰੰਭੀ ਜਾ ਰਹੀ ਹੈ। ਸਿਹਤ ਮੰਤਰੀ ਸਿਵਲ ਹਸਪਤਾਲ ਦਾ ਦੌਰਾ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਹ ਇੱਥੇ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਡੀਸੀ ਸੰਦੀਪ ਰਿਸ਼ੀ ਦੀ ਮੌਜੂਦਗੀ ’ਚ ਸਿਵਲ ਹਸਪਤਾਲ ਵਿੱਚ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਪੁੱਜੇ ਸਨ। ਹਸਪਤਾਲ ਦੀ ਜਾਂਚ ਮਗਰੋਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਵਿੱਚ ਮਰੀਜ਼ਾਂ ਦੀ ਸੁਵਿਧਾ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ ਕੀਤੇ ਜਾਣਗੇ, ਜਿਸ ਤਹਿਤ ਮਰੀਜ਼ ਨਾਲ ਕੇਵਲ ਇੱਕ ਰਿਸ਼ਤੇਦਾਰ ਹੀ ਸਹਾਇਕ ਵਜੋਂ ਐਮਰਜੈਂਸੀ ਵਾਰਡ ਵਿੱਚ ਦਾਖਲ ਹੋ ਸਕੇਗਾ ਜਦਕਿ ਮਰੀਜ਼ ਦੇ ਸਹਿਯੋਗ ਲਈ ਡਾਕਟਰੀ ਤੇ ਪੈਰਾ- ਮੈਡੀਕਲ ਸਟਾਫ਼ ਤਾਇਨਾਤ ਕੀਤਾ ਜਾਵੇਗਾ। ਇਹ ਕਦਮ ਐਮਰਜੈਂਸੀ ਵਾਰਡਾਂ ’ਚੋਂ ਭੀੜ ਖਤਮ ਕਰਨ ਲਈ ਚੁੱਕਿਆ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਆਖਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ’ਚ ਇਸ ਸਾਲ ਡੇਂਗੂ ਦੇ ਮਾਮਲੇ ਘਟੇ ਹਨ, ਕਿਉਂਕਿ ਸਿਹਤ ਵਿਭਾਗ ਇਸ ਸਬੰਧੀ ਨਿਰੰਤਰ ਚੌਕਸੀ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਕਰ ਕੇ ਹਰ ਪੱਖੋਂ ਸਰਵੋਤਮ ਸਿਹਤ ਸਹੂਲਤਾਂ ਦਿੰੰਦਿਆਂ ਇਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਬਿਹਤਰ ਬਣਾਉਣ ਲਈ ਲਗਾਤਾਰ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਦਵਾਈਆਂ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ ਹਸਪਤਾਲ ਦੇ ਅੰਦਰੋਂ ਹੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰ ਕੇ ਦਵਾਈਆਂ, ਇਲਾਜ ਸੁਵਿਧਾਵਾਂ, ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਸਬੰਧੀ ਫੀਡਬੈਕ ਵੀ ਹਾਸਲ ਕੀਤੀ।