ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਵੱਲੋਂ ਲੋਕਾਂ ਦੇ ਕੰਮ ਹਫ਼ਤੇ ਵਿੱਚ ਨਿਪਟਾਉਣ ਦੇ ਹੁਕਮ

08:45 AM Oct 03, 2024 IST
ਚੰਡੀਗੜ੍ਹ ਵਿੱਚ ਮੀਟਿੰਗ ਦੀ ਅਗਵਾਈ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਆਤਿਸ਼ ਗੁਪਤਾ
ਚੰਡੀਗੜ੍ਹ, 2 ਅਕਤੂਬਰ
ਪੰਜਾਬ ਸਰਕਾਰ ਨੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ ਦੇਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਲੋਕਾਂ ਦੇ ਲਟਕਦੇ ਆ ਰਹੇ ਕੰਮਾਂ ਦਾ ਨਿਪਟਾਰਾ ਹਫ਼ਤੇ ਵਿੱਚ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਅੱਜ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਮਗਸੀਪਾ ਵਿੱਚ ਵਿਭਾਗ ਦੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ’ਤੇ ਦਿੱਤੀ ਗਈ ਸੀ। ਸ੍ਰੀ ਅਰੋੜਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ। ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ਼ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ਼ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬਾ ਵਾਸੀਆਂ ਨੂੰ ਘਰ ਬੈਠੇ ਹੀ ਹੈਲਪਲਾਈਨ ਨੰਬਰ 1076 ਰਾਹੀਂ 43 ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਕੀਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੇ ਕਿਸੇ ਵੀ ਵਿਅਕਤੀ ਦਾ ਸਮੇਂ ਸਿਰ ਕੰਮ ਨਹੀਂ ਹੁੰਦਾ ਤਾਂ ਅਧਿਕਾਰੀ ਨੂੰ ਉਸ ਬਾਰੇ ਜਵਾਬ ਦੇਣਾ ਪਵੇਗਾ।

Advertisement

Advertisement