ਕਣਕ ਦੀ ਸਰਕਾਰੀ ਖਰੀਦ ਅੱਜ ਤੋਂ
ਜੋਗਿੰਦਰ ਸਿੰਘ ਮਾਨ
ਮਾਨਸਾ, 31 ਮਾਰਚ
ਪੰਜਾਬ ’ਚ ਪਹਿਲੀ ਅਪਰੈਲ ਤੋਂ ਆਰੰਭ ਹੋ ਰਹੀ ਕਣਕ ਦੀ ਖਰੀਦ ਦੇ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਹੋਣ ਦਾ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ। ਇਹ ਖਰੀਦ ਪਹਿਲੀ ਅਪਰੈਲ ਤੋਂ 31 ਮਈ ਤੱਕ ਚੱਲੇਗੀ। ਦੂਜੇ ਪਾਸੇ ਮੌਸਮ ਵਿਚ ਆਈ ਅਚਾਨਕ ਤਬਦੀਲੀ ਕਾਰਨ ਇਸ ਵਾਰ ਕਣਕ ਦੀ ਵਾਢੀ ਦੇਰੀ ਨਾਲ ਹੋਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਖਰੀਦ ਨੀਤੀ ਅਨੁਸਾਰ ਸਾਰੀਆਂ ਖਰੀਦ ਏਜੰਸੀਆਂ ਅਲਾਟ ਕੀਤੀਆਂ ਮੰਡੀਆਂ ਵਿਚ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਆਪਣਾ ਢੁੱਕਵਾਂ ਸਟਾਫ ਤਾਇਨਾਤ ਕਰਨ ਲਈ ਜ਼ਿੰਮੇਵਾਰ ਹੋਣਗੀਆਂ ਤਾਂ ਜੋ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਵੀ ਪਤਾ ਲੱਗਿਆ ਹੈ ਕਿ ਅਨਾਜ ਮੰਡੀਆਂ ਵਿਚ ਸਵੇਰੇ 10 ਵਜੇ ਤੋਂ ਸ਼ਾਮ ਦੇ 6 ਵਜੇ ਤੱਕ ਬੋਲੀ ਹੋਵੇਗੀ ਅਤੇ ਖੁਰਾਕ ਵਿਭਾਗ ਦੇ ਸਬੰਧਤ ਇੰਸਪੈਕਟਰ, ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀ ਦੇ ਨੁਮਾਇੰਦੇ ਹਰ ਮੰਡੀ ਵਿਚ ਮੌਜੂਦ ਰਹਿਣਗੇ ਅਤੇ ਉਹ ਸਮੇਂ ਸਿਰ ਬੋਲੀ ਨੂੰ ਯਕੀਨੀ ਬਣਾਉਣਗੇ। ਹਰੇਕ ਖਰੀਦ ਏਜੰਸੀ ਨੂੰ 72 ਘੰਟਿਆਂ ਦੇ ਅੰਦਰ ਆਪਣੇ ਖੁੱਲ੍ਹੇ ਭੰਡਾਰ ਵਿਚ ਪਹੁੰਚਦੀ ਕਰਨੀ ਯਕੀਨੀ ਬਣਾਈ ਜਾਵੇਗੀ। ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਕਣਕ ਦੀ ਖਰੀਦ ਸਬੰਧੀ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਗਠਨ ਕਰਨ ਲਈ ਕਿਹਾ ਗਿਆ ਹੈ। ਮਾਨਸਾ ਦੇ ਜ਼ਿਲ੍ਹਾ ਉਪ ਮੰਡੀ ਅਫ਼ਸਰ ਜੈ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰ ਵਲੋਂ ਹਰ ਤਰ੍ਹਾਂ ਦੇ ਬੰਦੋਬਸਤ ਪੂਰੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕਣਕ ਦਾ ਭਾਅ 2425 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਦੀ ਸਫਾਈ ਕਰਵਾਈ ਜਾ ਚੁੱਕੀ ਹੈ।