ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਅਕਤੂਬਰ
ਭਗਤਾਂ ਵਾਲਾ ਮੰਡੀ ਵਿੱਚ ਬੀਤੇ ਦਿਨ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਡੀ ਵਿੱਚ ਪਹੁੰਚ ਕੇ ਫਸਲ ਦੀ ਖਰੀਦ ਸ਼ੁਰੂ ਕਰਵਾਈ ਹੈ। ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ, ਪੱਲੇਦਾਰਾਂ ਅਤੇ ਖਰੀਦ ਏਜੰਸੀਆਂ ਨੂੰ ਕਿਹਾ ਕਿ ਇਸ ਸੀਜ਼ਨ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜ਼ਿਲ੍ਹੇ ਵਿੱਚ 20700 ਕੁਇੰਟਲ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਬਾਸਮਤੀ ਦੀ ਖਰੀਦ ਨਿੱਜੀ ਵਪਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 252683 ਮੀਟਰਕ ਟਨ ਬਾਸਮਤੀ ਵਪਾਰੀਆਂ ਵੱਲੋਂ ਖਰੀਦੀ ਗਈ ਹੈ, ਜਿਸ ਵਿੱਚੋਂ ਲਗਭਗ 95 ਫੀਸਦੀ ਤੋਂ ਵੱਧ ਦੀ ਲਿਫਟਿੰਗ ਵੀ ਪੂਰੀ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖਰੀਦ ਤੋਂ ਇਲਾਵਾ ਇਸ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਫਸਲ ਦੀ ਰਕਮ ਦੀ ਅਦਾਇਗੀ ਵੀ ਨਾਲੋ-ਨਾਲ ਕਰਨੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਅੱਜ 10 ਮੰਡੀਆਂ ਵਿੱਚ ਸਰਕਾਰੀ ਖਰੀਦ ਸ਼ੁਰੂ ਹੋਈ ਹੈ ਜਦ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਖਰੀਦ ਜ਼ਿਲ੍ਹੇ ਦੀਆਂ ਸਾਰੀਆਂ 50 ਮੰਡੀਆਂ ਵਿੱਚ ਸ਼ੁਰੂ ਕਰ ਦਿੱਤੀ ਜਾਵੇਗੀ।
ਫਗਵਾੜਾ(ਜਸਬੀਰ ਸਿੰਘ ਚਾਨਾ): ਪੰਜਾਬ ਸਰਤਾਰ ਤੇ ਆੜ੍ਹਤੀਆਂ ’ਚ ਹੋਏ ਆਪਸੀ ਸਮਝੌਤੇ ਤੋਂ ਬਾਅਦ ਅੱਜ ਫਗਵਾੜਾ ਦੀ ਹੁਸ਼ਿਆਰਪੁਰ ਰੋਡ ਸਥਿਤ ਮੁੱਖ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਦਾ ਕੰਮ ਐੱਸਡੀਐੱਮ ਜਸ਼ਨਜੀਤ ਸਿੰਘ ਵਲੋਂ ਸ਼ੁਰੂ ਕਰਵਾਇਆ ਗਿਆ। ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਨਵਾਂਸ਼ਹਿਰ (ਸੁਰਜੀਤ ਮਜਾਰੀ): ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਦਾਣਾ ਮੰਡੀ ਨਵਾਂ ਸ਼ਹਿਰ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ।
ਭੋਗਪੁਰ (ਬਲਵਿੰਦਰ ਸਿੰਘ ਭੰਗੂ): ਦਾਣਾ ਮੰਡੀ ਭੋਗਪੁਰ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਝੋਨੇ ਦੀ ਸਰਕਾਰੀ ਬੋਲੀ ਸ਼ੁਰੂ ਕਰਵਾਈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਦੇ ਮਾਪ ਦੰਡ ਅਨੁਸਾਰ ਮੰਡੀ ਵਿੱਚ ਝੋਨਾ 2320 ਰੁਪਏ ਪ੍ਰਤੀ ਕੁਇੰਟਲ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ 24 ਘੰਟੇ ਦੇ ਅੰਦਰ ਅੰਦਰ ਕਰ ਦਿੱਤੀ ਜਾਵੇਗੀ।
ਜਲੰਧਰ ਦੀ ਨਵੀਂ ਅਨਾਜ ਮੰਡੀ ਜਲੰਧਰ ਵਿੱਚ ਡੀਸੀ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਜਲੰਧਰ (ਪਾਲ ਸਿੰਘ ਨੌਲੀ): ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਥੇ ਨਵੀਂ ਅਨਾਜ ਮੰਡੀ ਵਿੱਚ ਇਸ ਸੀਜ਼ਨ ਲਈ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਸਮੁੱਚੇ 79 ਖ਼ਰੀਦ ਕੇਂਦਰਾਂ ’ਤੇ 11.20 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਕਿਸਾਨਾਂ ਦੀ ਜਿਣਸ ਦੇ ਦਾਣੇ-ਦਾਣੇ ਦੀ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸੇ ਤਰ੍ਹਾਂ ਖ਼ਰੀਦ ਕੀਤੀ ਫ਼ਸਲ ਦੀ ਸਮੇਂ ਸਿਰ ਚੁਕਾਈ ਅਤੇ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ 8739 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਹਾਜ਼ਰ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਪ੍ਰਤੀਕਿਰਿਆ ਹਾਸਲ ਕੀਤੀ।
ਸ਼ਾਹਕੋਟ, ਲੋਹੀਆਂ ਅਤੇ ਮਹਿਤਪੁਰ ’ਚ ਝੋਨੇ ਦੀ ਖਰੀਦ ਸ਼ੁਰੂ
ਸ਼ਾਹਕੋਟ(ਗੁਰਮੀਤ ਸਿੰਘ ਖੋਸਲਾ): ਸ਼ਾਹਕੋਟ, ਲੋਹੀਆਂ ਖਾਸ ਅਤੇ ਮਹਿਤਪੁਰ ਵਿਚ ਅੱਜ ਝੋਨੇ ਦੀ ਖਰੀਦ ਸ਼ੁਰੂ ਹੋ ਗਈ। ਝੋਨੇ ਦੀ ਖਰੀਦ ਦੀ ਸ਼ੁਰੂਆਤ ਨਾਲ ਕਿਸਾਨਾਂ ਨੇ ਸ਼ੁੱਖ ਦਾ ਸਾਹ ਲਿਆ। ਸ਼ਾਹਕੋਟ ਵਿੱਚ ਐੱਸਡੀਐੱਮ ਸ਼ੁਭੀ ਆਂਗਰਾ ਨੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਪਨਸਪ ਨੇ ਥੰਮੂਵਾਲ ਦੇ ਕਿਸਾਨ ਦੀ ਪਹਿਲੀ ਢੇਰੀ ਰਿਤਸ਼ ਟ੍ਰੇਡਿੰਗ ਕੰਪਨੀ ਦੀ ਆੜ੍ਹਤ ਤੋਂ ਖਰੀਦੀ। ਦੂਜੀ ਢੇਰੀ ਪਨਗਰੇਨ ਨੇ ਥੰਮੂਵਾਲ ਦੇ ਕਿਸਾਨ ਗੁਰਜੇਪਾਲ ਸਿੰਘ ਦੀ ਢੇਰੀ ਬਿਹਾਰੀ ਲਾਲ ਅਮਰਨਾਥ ਦੀ ਆੜ੍ਹਤ ਤੋਂ ਖਰੀਦੀ। ਸ੍ਰੀਮਤੀ ਆਂਗਰਾ ਨੇ ਕਿਹਾ ਕਿ ਉਨ੍ਹਾਂ ਨੂੰ ਝੋਨੇ ਦੀ ਵੇਚ ਸਮੇਂ ਕੋਈ ਦਿੱਕਤ ਨਹੀ ਆਉਣ ਦਿਤੀ ਜਾਵੇਗੀ। ਮਾਰਕੀਟ ਕਮੇਟੀ ਸ਼ਾਹਕੋਟ,ਲੋਹੀਆਂ ਖਾਸ ਅਤੇ ਮਹਿਤਪੁਰ ਦੇ ਸਕੱਤਰ ਤਜਿੰਦਰ ਕੁਮਾਰ ਨੇ ਦੱਸਿਆ ਕਿ ਸ਼ਾਹਕੋਟ ਦੀਆਂ 11,ਲੋਹੀਆਂ ਖਾਸ ਦੀਆਂ 8 ਅਤੇ ਮਹਿਤਪੁਰ ਦੀਆਂ 3 ਮੰਡੀਆਂ ਵਿਚ ਵੀ ਅੱਜ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ।