ਰੋਡਵੇਜ਼ ਮੁਲਾਜ਼ਮਾਂ ਨੂੰ ਪੰਜ ਫੀਸਦੀ ਸਾਲਾਨਾ ਇੰਕਰੀਮੈਂਟ ਦੇਣ ਤੋਂ ਮੁਕਰੀ ਸਰਕਾਰ: ਸਿੱਧੂ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਜੂਨ
ਸਾਬਕਾ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਰੋਡਵੇਜ਼ ਮੁਲਾਜ਼ਮਾਂ ਦੇ ਹਿੱਤਾਂ ਨਾਲ ਖੇਡ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਰੋਡਵੇਜ਼ ਮੁਲਾਜ਼ਮਾਂ ਨੂੰ 5 ਫੀਸਦੀ ਸਾਲਾਨਾ ਇੰਕਰੀਮੈਂਟ ਦੇਣ ਦੇ ਕੀਤੇ ਵਾਅਦੇ ਤੋਂ ਸਰਕਾਰ ਮੁਕਰ ਰਹੀ ਹੈ। ਉਹ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਲਗਪਗ 27 ਬੱਸ ਅੱਡਿਆਂ ਦਾ ਕੰਮ ਠੱਪ ਰਹਿਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਡਵੇਜ਼ ਕਰਮਚਾਰੀ ਦਿਨ-ਰਾਤ ਮਿਹਨਤ ਕਰਕੇ ਸਵਾਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਉਂਦੇ ਹਨ ਪਰ ਉਨ੍ਹਾਂ ਨੂੰ ਯੋਗ ਤਨਖ਼ਾਹ ਵੀ ਨਹੀਂ ਮਿਲਦੀ। ਸ੍ਰੀ ਸਿੱਧੂ ਨੇ ਐਮਐਸਪੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦ ਯਕੀਨੀ ਨਾ ਬਣਾਉਣ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦ ਯਕੀਨੀ ਨਾ ਬਣਾਏ ਜਾਣ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਇਸੇ ਤਰ੍ਹਾਂ ਮੱਕੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦ ਯਕੀਨੀ ਬਣਾਉਣ ਵਿੱਚ ਵੀ ਸੂਬਾ ਸਰਕਾਰ ਫੇਲ੍ਹ ਸਾਬਿਤ ਹੋ ਰਹੀ ਹੈ।