ਸਰਕਾਰੀ ਸਕੂਲ ਹਰਦਿੱਤਪੁਰਾ ਦਾ ਇਨਾਮ ਵੰਡ ਸਮਾਗਮ
ਪੱਤਰ ਪ੍ਰੇਰਕ
ਭਵਾਨੀਗੜ੍ਹ, 31 ਮਾਰਚ
ਸਰਕਾਰੀ ਪ੍ਰਾਇਮਰੀ ਸਕੂਲ ਹਰਦਿੱਤਪੁਰਾ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸਕੂਲ ਮੁਖੀ ਗੁਰਦੀਪ ਸਿੰਘ ਫੱਗੂਵਾਲਾ ਨੇ ਦੱਸਿਆ ਕਿ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵੇਰ ਵੇਲੇ ਸਕੂਲ ਵਿੱਚ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮਗਰੋਂ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਜਿੱਥੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ 100 ਫ਼ੀਸਦੀ ਰਿਹਾ, ਉੱਥੇ ਹੀ ਵਿਦਿਆਰਥੀਆਂ ਨੇ ਖੇਡਾਂ ਤੇ ਸੱਭਿਆਚਾਰਕ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਅੱਜ ਸਟੇਜ ਉੱਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਬੱਚਿਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਸਕੂਲ ਅਧਿਆਪਕ ਕੁਲਦੀਪ ਸਿੰਘ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਕਬੱਡੀ ਵਿੱਚ ਬਲਾਕ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਸੈਂਟਰ ਪੱਧਰੀ ਖੇਡਾਂ ਦੌਰਾਨ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੱਜ ਦੇ ਇਸ ਸਮਾਗਮ ਵਿੱਚ ਵਿਦਿਆਰਥੀਆਂ ਦੇ ਮਾਪੇ, ਸੈਂਟਰ ਹੈਡ ਟੀਚਰ ਕੁਲਵੰਤ ਸਿੰਘ, ਨਗਰ ਦੇ ਭਿੰਦਰ ਕੌਰ ਹਾਜ਼ਰ ਸਨ।