ਅਧਿਆਪਕਾਂ ਤੇ ਪ੍ਰਿੰਸੀਪਲਾਂ ਦੀਆਂ ਖ਼ਾਲੀ ਅਸਾਮੀਆਂ ਭਰੇ ਸਰਕਾਰ: ਬਾਜਵਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਫਰਵਰੀ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਫਿਨਲੈਂਡ ਤੇ ਸਿੰਗਾਪੁਰ ਭੇਜਣ ਦੀ ਥਾਂ ਖ਼ਾਲੀ ਪਈਆਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਭਰੇ। ਉਨ੍ਹਾਂ ਕਿਹਾ ਕਿ ਸੂਬੇ ਦੇ 1927 ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 856 ਰੈਗੂਲਰ ਪ੍ਰਿੰਸੀਪਲਾਂ ਤੋਂ ਬਿਨਾਂ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਨੇੜੇ 90 ਪ੍ਰਾਇਮਰੀ ਸਕੂਲਾਂ ਵਿੱਚੋਂ 28 ’ਚ ਕੋਈ ਅਧਿਆਪਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ’ਚ 60 ਫ਼ੀਸਦੀ ਸੀਨੀਅਰ ਸੈਕੰਡਰੀ ਸਕੂਲਾਂ ’ਚ ਪ੍ਰਿੰਸੀਪਲ ਨਹੀਂ ਹਨ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਪੇਂਡੂ ਖੇਤਰਾਂ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਸਫ਼ਾਈ ਦੀਆਂ ਢੁਕਵੀਆਂ ਸਹੂਲਤਾਂ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਗ਼ਲਤ ਸਿੱਖਿਆ ਮਾਡਲ ਨੂੰ ਦੁਹਰਾਉਣ ਦੀ ਜ਼ਿੱਦ ਵਿਚ ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ਦੇ ਆਪਣੇ ਸਿੱਖਿਆ ਮਾਡਲ ਨੂੰ ਬਰਬਾਦ ਕਰ ਦਿੱਤਾ, ਜਿਸ ਦੀ ਕਦੇ ਪੂਰੇ ਦੇਸ਼ ਵਿਚ ਪ੍ਰਸ਼ੰਸਾ ਹੋਈ ਸੀ। ਪਿਛਲੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਦੇ ਸਿੱਖਿਆ ਮਾਡਲ ਨੇ ਕਈ ਰਾਸ਼ਟਰੀ ਪੱਧਰ ਦੇ ਪੁਰਸਕਾਰ ਜਿੱਤੇ ਸਨ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ। ਸਿੱਖਿਆ ਹੀ ਉਨ੍ਹਾਂ ਨੂੰ ਗ਼ਰੀਬੀ ਤੋਂ ਬਾਹਰ ਕੱਢਣ ਦਾ ਇੱਕੋ ਇੱਕ ਤਰੀਕਾ ਹੈ।