ਅਧਿਆਪਕਾਂ ਤੋਂ ਗੈਰ-ਵਿਦਿਅਕ ਕੰਮ ਲੈਣਾ ਬੰਦ ਕਰੇ ਸਰਕਾਰ: ਡੀਟੀਐੱਫ
ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਅਗਸਤ
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਲੁਧਿਆਣਾ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਖਚਰਨਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਸਿੱਖਿਆ ਡਿੰਪਲ ਮਦਾਨ ਅਤੇ ਡੀਈਓ ਪ੍ਰਾਇਮਰੀ ਬਲਦੇਵ ਸਿੰਘ ਰਾਹੀਂ ਸਿੱਖਿਆ ਮੰਤਰੀ ਦੇ ਨਾਮ ਭੇਜੇ ਗਏ ਇਤਰਾਜ਼ ਵਿੱਚ ਦੱਸਿਆ ਕਿ ਅਧਿਆਪਕਾਂ ਦੀ ਵੱਡੇ ਪੱਧਰ ’ਤੇ ਬੀਐੱਲਓ ਡਿਊਟੀ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਗੈਰ-ਵਿਦਿਅਕ ਡਿਊਟੀਆਂ ਲੱਗਣ ’ਤੇ ਮੁਕੰਮਲ ਪਾਬੰਦੀ ਹੋਣ ਦੀ ਗੱਲ ਆਖੀ ਜਾ ਰਹੀ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 16000 ਤੋਂ ਵਧੇਰੇ ਅਧਿਆਪਕਾਂ ਨੂੰ ਬੂਥ ਲੈਵਲ ਅਫ਼ਸਰ (ਬੀਐੱਲਓ) ਦੀ ਡਿਊਟੀ ’ਤੇ ਲਗਾਇਆ ਹੋਇਆ ਹੈ। ਉਨ੍ਹਾਂ ਬੀਐੱਲਓ ਲਈ ਵੱਖਰੀ ਨਵੀਂ ਭਰਤੀ ਕਰਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਮੰਗ ਕੀਤੀ ਹੈ।
ਜ਼ਿਲ੍ਹਾ ਜਨਰਲ ਸਕੱਤਰ ਰਮਨਜੀਤ ਸਿੰਘ ਸੰਧੂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ 10 ਫ਼ੀਸਦ ਦਾਖ਼ਲੇ ਨਾ ਵਧਾਉਣ ਵਾਲੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਇਸੇ ਤਰਜ਼ ’ਤੇ ਅੱਗੇ ਬੀਪੀਈਓਜ਼ ਤੇ ਸਕੂਲ ਮੁਖੀਆਂ ਨੂੰ ਵੀ ਨੋਟਿਸ ਜਾਰੀ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਦਾਖਲੇ ਘੱਟ ਹੋਣ ਦੇ ਸਮੁੱਚੇ ਪੱਖਾਂ ਦੀ ਪੜਤਾਲ ਕਰਕੇ ਲੋੜੀਂਦੇ ਕਦਮ ਉਠਾਏ ਜਾਣ।
ਅੱਠ ਦੀ ਜ਼ਿਲ੍ਹਾ ਪੱਧਰੀ ਰੈਲੀ ਲਈ ਤਿਆਰੀ
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਡੈਮੋਕ੍ਰੇਟਿਕ ਟੀਚਰ ਫ਼ਰੰਟ ਵੱਲੋਂ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਲਈ 8 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੀਤੀ ਜਾਣ ਵਾਲੀ ਰੈਲੀ ਅਤੇ ਰੋਸ ਪ੍ਰਦਰਸ਼ਨ ਵਿੱਚ ਬਲਾਕ ਸੁਧਾਰ ਦੇ ਅਧਿਆਪਕ ਸ਼ਮੂਲੀਅਤ ਕਰਨਗੇ। ਬਲਾਕ ਪ੍ਰਧਾਨ ਗੁਰਦੀਪ ਸਿੰਘ ਹੇਰਾਂ ਅਤੇ ਸਕੱਤਰ ਜਗਵਿੰਦਰ ਸਿੰਘ ਅਕਾਲਗੜ੍ਹ ਦੀ ਅਗਵਾਈ ਵਿੱਚ ਮੀਟਿੰਗ ਦੌਰਾਨ ਇਸ ਸਬੰਧੀ ਵਿਉਂਤਬੰਦੀ ਕੀਤੀ ਗਈ।