ਸਰਕਾਰੀ ਅਧਿਆਪਕਾਂ ਨੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਂਦੀ: ਕੇਜਰੀਵਾਲ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਜਨਵਰੀ
ਦਿੱਲੀ ਸਰਕਾਰ ਵੱਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ‘ਐਕਸੀਲੈਂਸ ਇਨ ਐਜੂਕੇਸ਼ਨ ਐਵਾਰਡ-2023’ ਨਾਲ ਸਨਮਾਨਿਤ ਕੀਤਾ ਗਿਆ। ਤਿਆਗਰਾਜ ਸਟੇਡੀਅਮ ’ਚ ਕਰਵਾਏ ਸੂਬਾ ਪੱਧਰੀ ਸਮਾਗਮ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਪੁੱਜੇ। ਮੁੱਖ ਮੰਤਰੀ ਨੇ ਸ਼ਮ੍ਹਾਂ ਰੌਸ਼ਨ ਕਰ ਕੇ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਆਤਿਸ਼ੀ, ਵਿਧਾਇਕ ਮਦਨ ਲਾਲ, ਵਿਧਾਇਕ ਸ਼ਿਵਚਰਨ ਗੋਇਲ ਸਣੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪਿਛਲੇ 7-8 ਸਾਲਾਂ ਵਿੱਚ ਦਿੱਲੀ ਦੇ ਸਿੱਖਿਆ ਖੇਤਰ ’ਚ ਜੋ ਕ੍ਰਾਂਤੀ ਆਈ ਹੈ, ਉਸ ਦੀ ਪੂਰੇ ਦੇਸ਼ ਤੇ ਦੁਨੀਆ ਵਿੱਚ ਚਰਚਾ ਹੋ ਰਹੀ ਹੈ। ਇਸ ਕ੍ਰਾਂਤੀ ਦਾ ਸਿਹਰਾ ਸਾਡੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਜਾਂਦਾ ਹੈ। ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 60-70 ਹਜ਼ਾਰ ਅਧਿਆਪਕ ਕੰਮ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਦੇਸ਼ ਦੇ ਹਰ ਬੱਚੇ ਨੂੰ ਚੰਗੀ ਸਿੱਖਿਆ ਦਿੱਤੀ ਜਾਵੇ ਤਾਂ ਇਹ ਬੱਚੇ ਦੇਸ਼ ਦਾ ਵਿਕਾਸ ਕਰਨਗੇ। ਉਨ੍ਹਾਂ ਕਿਹਾ, ‘‘ਮੇਰਾ ਮੰਨਣਾ ਹੈ ਕਿ ਦੇਸ਼ ’ਚ ਅਮੀਰ ਤੇ ਗਰੀਬ ਸਾਰੇ ਬੱਚਿਆਂ ਨੂੰ ਬਰਾਬਰ ਸਿੱਖਿਆ ਮਿਲਣੀ ਚਾਹੀਦੀ ਹੈ। ਸਾਡੀ ਸਰਕਾਰ ਨੇ ਦਿੱਲੀ ਦੇ ਅੰਦਰ ਸਾਰੇ ਬੱਚਿਆਂ ਨੂੰ ਬਰਾਬਰ ਸਿੱਖਿਆ ਦੇਣ ਦੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਦੇ ਲਈ ਅਸੀਂ ਸਾਰੇ ਸਰਕਾਰੀ ਸਕੂਲਾਂ ’ਚ ਵਧੀਆ ਮਾਹੌਲ ਮੁਹੱਈਆ ਕਰਵਾਇਆ, ਵਧੀਆ ਸਹੂਲਤਾਂ ਦਿੱਤੀਆਂ ਤੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ।’’ ਉਨ੍ਹਾਂ ਕਿਹਾ ਕਿ ਸਾਡੇ ਅਧਿਆਪਕਾਂ ਨੇ ਸਿਰਫ਼ 7-8 ਸਾਲਾਂ ’ਚ ਦਿੱਲੀ ਵਿੱਚ ਸਿੱਖਿਆ ਕ੍ਰਾਂਤੀ ਲਿਆ ਦਿੱਤੀ। ਇਸ ਸਮਾਗਮ ਵਿੱਚ 218 ਬੱਚਿਆਂ ਤੇ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਦਿੱਲੀ ਦੇ ਰਾਜੋਕਰੀ ਕੰਨਿਆ ਵਿਦਿਆਲਿਆ ਨੂੰ ਦਿੱਲੀ ਦੇ ਸਰਵੋਤਮ ਸਕੂਲ ਦਾ ਐਵਾਰਡ ਦੇ ਕੇ ਸਨਮਾਨਿਤ ਕੀਤਾ।
ਚੋਣ ਪ੍ਰਚਾਰ ਤੋਂ ਰੋਕਣ ਲਈ ਕੇਜਰੀਵਾਲ ਨੂੰ ਜਾਰੀ ਕੀਤੇ ਜਾ ਰਹੇ ਨੇ ਨੋਟਿਸ: ਆਤਿਸ਼ੀ
ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਵਾਰ-ਵਾਰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, ‘‘ਭਾਜਪਾ ਨੂੰ ਕਿਵੇਂ ਪਤਾ ਲੱਗਾ ਕਿ ਈਡੀ ਕੇਜਰੀਵਾਲ ਨੂੰ ਗ੍ਰਿਫਤਾਰ ਕਰੇਗੀ ? ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦੀ ਹਾਂ ਕਿ ਜਦੋਂ ਈਡੀ ਨੂੰ ਇਹ ਨਹੀਂ ਪਤਾ ਕਿ ਉਸ ਨੂੰ ਗਵਾਹ ਵਜੋਂ ਬੁਲਾਇਆ ਜਾ ਰਿਹਾ ਹੈ ਜਾਂ ਦੋਸ਼ੀ ਤਾਂ ਭਾਜਪਾ ਨੂੰ ਕਿਵੇਂ ਪਤਾ ਲੱਗ ਗਿਆ ਕਿ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ ? ਈਡੀ ਦੇ ਸੰਮਨਾਂ ਦੀ ਸਕ੍ਰਿਪਟ ਭਾਜਪਾ ਹੈੱਡਕੁਆਰਟਰ ਤੋਂ ਲਿਖੀ ਗਈ ਹੈ। ਭਾਜਪਾ ਫ਼ੈਸਲਾ ਕਰਦੀ ਹੈ ਕਿ ਕਿਸ ਨੂੰ ਗ੍ਰਿਫਤਾਰ ਕਰਨਾ ਹੈ ਤੇ ਫਿਰ ਸੀਬੀਆਈ ਅਤੇ ਈਡੀ ਨੂੰ ਕੇਸ ਚਲਾਉਣ, ਛਾਪੇ ਮਾਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ। ਕੇਜਰੀਵਾਲ ਨਾਲ ਇਹੀ ਹੋ ਰਿਹਾ ਹੈ।’’ ਆਤਿਸ਼ੀ ਨੇ ਦੁਹਰਾਇਆ ਕਿ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਣ ਲਈ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਸੰਮਨ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੰਮਨ ਗੈਰਕਾਨੂੰਨੀ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਿੱਚ 22 ਜਨਵਰੀ ਨੂੰ ਛੁੱਟੀ ਹੋਣ ਜਾਂ ਨਾ ਹੋਣ ਸਬੰਧੀ ਪੁੱਛੇ ਗਏ ਸਵਾਲ ’ਤੇ ਸਿੱਖਿਆ ਮੰਤਰੀ ਆਤਿਸ਼ੀ ਨੂੰ ਕਿਹਾ ਕਿ ਅਜੇ ਤੱਕ ਅਜਿਹਾ ਕੋਈ ਪ੍ਰਸਤਾਵ ਨਹੀਂ ਆਇਆ ਹੈ। ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਜ਼ਰੂਰ ਦੱਸਿਆ ਜਾਵੇਗਾ।