ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ 29ਵੇਂ ਦਿਨ ਵੀ ਜਾਰੀ ਰਹੀ। ਕੰਪਿਊਟਰ ਅਧਿਆਪਕ ਅਮਨਦੀਪ ਵਾਲੀਆ ਅਤੇ ਸੋਨੀਆ ਰਾਣੀ ਅੱਜ ਭੁੱਖ ਹੜਤਾਲ ’ਤੇ ਬੈਠੇ ਜਦੋਂ ਕਿ ਗੌਰਮਿੰਟ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਨੁਮਾਇੰਦਿਆਂ ਵਲੋਂ ਸ਼ਾਮਲ ਹੋ ਕੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ।
ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਦੀਪ ਸ਼ਰਮਾ ਨੇ ਦੱਸਿਆ ਕਿ ਸਾਲ 2011 ਦੇ ਰੈਗੂਲਰ ਆਰਡਰਾਂ ਅਨੁਸਾਰ ਕੰਪਿਊਟਰ ਅਧਿਆਪਕ ਬਣਦੇ ਹੱਕ ਅਤੇ ਲਾਭ ਦੇਣ, ਛੇਵਾਂ ਪੇਅ ਕਮਿਸ਼ਨ ਲਾਗੂ ਕਰਕੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕਰਨ ਦੀ ਮੰਗ ਨੂੰ ਲੈ ਕੇ ਬੀਤੀ 1 ਸਤੰਬਰ ਤੋਂ ਲੜੀਵਾਰ ਭੁੱਖ ਹੜਤਾਲ ’ਤੇ ਹਨ ਪਰ ਸਰਕਾਰ ਵਲੋਂ ਲਗਾਤਾਰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵਲੋਂ ਇਸੇ ਮਹੀਨੇ ਦੋ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਨਹੀਂ ਕੀਤੀਆਂ ਗਈਆਂ। ਕਰੀਬ 30 ਵਾਰ ਮੁੱਖ ਮੰਤਰੀ ਨਾਲ ਮੀਟਿੰਗਾਂ ਤੈਅ ਹੋਈਆਂ ਹਨ ਪਰ ਇੱਕ ਵਾਰ ਵੀ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਅਗਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਆਗੂ ਫਕੀਰ ਸਿੰਘ ਟਿੱਬਾ ਅਤੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਸੂਬਾ ਕਮੇਟੀ ਵਲੋਂ ਕੰਪਿਊਟਰ ਅਧਿਆਪਕਾਂ ਦੇ ਪੱਕੇ ਮੋਰਚੇ ਵਿਚ 1 ਤੋਂ 11 ਅਕਤੂਬਰ ਤੱਕ ਰੋਜ਼ਾਨਾ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਵਾਈਜ਼ ਪੱਕੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿਚ ਡਟ ਕੇ ਸਾਥ ਦੇਵੇਗੀ। ਇਸ ਮੌਕੇ ਸਰਬਜੀਤ ਸਿੰਘ, ਹੁਸ਼ਿਆਰ ਸਿੰਘ, ਬੱਗਾ ਸਿੰਘ, ਹਰਕੀਰਤ ਸਿੰਘ, ਸਤਵੰਤ ਸਿੰਘ, ਮਨਪ੍ਰੀਤ ਸਿੰਘ, ਸ਼ੀਤਲ ਕੁਮਾਰ, ਕਰਨੈਲ ਸਿੰਘ, ਪੁਰਾਣੀ ਪੈਨਸ਼ਨ ਬਹਾਲੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਜੱਸਾ ਅਤੇ ਕੰਪਿਊਟਰ ਅਧਿਆਪਕ ਸੂਬਾਈ ਆਗੂ ਪ੍ਰਦੀਪ ਮਲੂਕਾ, ਲਖਵਿੰਦਰ ਸਿੰਘ, ਜਤਿੰਦਰ ਸਿੰਘ, ਵਿਸ਼ਾਲ ਕੁਮਾਰ, ਬਲਜਿੰਦਰ ਸਿੰਘ, ਹਰਿੰਦਰ ਸਿੰਘ, ਕੁਲਦੀਪ ਸਿੰਘ, ਕੁਲਜੀਤ ਸ਼ਰਮਾ, ਪੁਸ਼ਪਿੰਦਰ ਪਾਲ ਰਤਨ ਆਦਿ ਹਾਜ਼ਰ ਸਨ।