For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਮਜ਼ਬੂਤ ਕਰੇਗੀ ਸਰਕਾਰ: ਮੰਤਰੀ

11:06 AM Oct 11, 2024 IST
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਮਜ਼ਬੂਤ ਕਰੇਗੀ ਸਰਕਾਰ  ਮੰਤਰੀ
ਸੈਨਿਕ ਸਦਨ ਫੇਜ਼-10 ਵਿੱਚ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਮਹਿੰਦਰ ਭਗਤ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 10 ਅਕਤੂਬਰ
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਬਾਰੇ ਮੰਤਰੀ ਮਹਿੰਦਰ ਭਗਤ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸਹੂਲਤ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਵੱਡੇ ਪੱਧਰ ’ਤੇ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਸੈਨਿਕ ਸਦਨ ਫੇਜ਼-10 (ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ) ਵਿਖੇ ਪਹਿਲੀ ਵਾਰ ਪਹੁੰਚੇ ਮੰਤਰੀ ਨੇ ਮੀਡੀਆ ਅਤੇ ਸਾਬਕਾ ਸੈਨਿਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਦੌਰੇ ਦਾ ਉਦੇਸ਼ ਮੌਜੂਦਾ ਸੈਟ-ਅਪ ਅਤੇ ਸਹੂਲਤਾਂ ਦਾ ਜਾਇਜ਼ਾ ਲੈਣਾ ਹੈ ਜੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਪੁਲੀਸ ਟੁਕੜੀ ਵੱਲੋਂ ਗਾਰਡ ਆਫ਼ ਆਨਰ ਪ੍ਰਾਪਤ ਕਰਨ ਤੋਂ ਉਪਰੰਤ ਉਨ੍ਹਾਂ ਨੇ ਸੈਨਿਕ ਸਦਨ ਵਿਖੇ 1965 ਦੇ ਕਾਰਗਿਲ ਨਾਇਕ, ਮਹਾਂਵੀਰ ਚੱਕਰ ਮੇਜਰ ਬਲਜੀਤ ਸਿੰਘ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਇਹ ਦਫ਼ਤਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਫੌਜੀ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਵੇਗੀ।
ਮਹਿੰਦਰ ਭਗਤ ਨੇ ਕਿਹਾ ਕਿ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਵਧਾ ਕੇ ਇੱਕ ਕਰੋੜ ਰੁਪਏ ਕੀਤਾ ਗਿਆ ਹੈ। ਸੈਨਿਕ ਪਰਿਵਾਰਾਂ ਦੇ ਦਿਵਿਆਂਗ ਆਸ਼ਰਿਤਾਂ ਦੀ ਪੈਨਸ਼ਨ ਵਿੱਚ ਅਸਮਾਨਤਾ ਅਤੇ ਪਰਿਵਾਰਕ ਪੈਨਸ਼ਨ ਦੀ ਮਨਜ਼ੂਰੀ ਤੱਕ ਜੰਗੀ ਵਿਧਵਾਵਾਂ ਲਈ ਇਕਮੁਸ਼ਤ ਮਾਣਭੱਤੇ ਦੀ ਲੋੜ ’ਤੇ ਮੰਤਰੀ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਧਿਰਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਨ ਤੋਂ ਇਲਾਵਾ ਇੱਕਮੁਸ਼ਤ ਮਾਣਭੱਤਾ ਦੇਣ ਬਾਰੇ ਮੁੱਦਾ ਸਰਕਾਰ ਦੇ ਵਿਚਾਰ ਅਧੀਨ ਹੈ।
ਮੰਤਰੀ ਨੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਹੋਣਹਾਰ ਵਿਦਿਆਰਥੀਆਂ ਗੁਰਸਿਮਰਨ ਕੌਰ, ਦਿਵਿਆਂਸ਼ੀ ਨੇਗੀ, ਪੁਲਕਿਤ ਅਤੇ ਪ੍ਰਤਿਭਾ ਨੂੰ ਸਨਮਾਨਿਤ ਕੀਤਾ। ਸਾਬਕਾ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਅਤੇ ਕੋਰਸਾਂ ਨਾਲ ਲੈਸ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਜਿਹੀਆਂ 9 ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ।
ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾਮੁਕਤ) ਭੁਪਿੰਦਰ ਸਿੰਘ ਢਿੱਲੋਂ ਨੇ ਸੈਨਿਕ ਸਦਨ ਮੁਹਾਲੀ ਵਿੱਚ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਦੀ ਪਤਨੀ ਵੀ ਹਾਜ਼ਰ ਸਨ। ਮੰਤਰੀ ਨੇ ਉਨ੍ਹਾਂ ਨੂੰ ਬਕਾਇਆ ਸਾਰੀਆਂ ਡਿਊਟੀਆਂ ਜਲਦੀ ਨਿਭਾਉਣ ਦਾ ਭਰੋਸਾ ਦਿੱਤਾ।

Advertisement

Advertisement
Advertisement
Author Image

sukhwinder singh

View all posts

Advertisement