ਨੌਜਵਾਨਾਂ ਨੂੰ ਖੇਡ ਕਿੱਟਾਂ ਅਤੇ ਜਿਮ ਦੇਵੇਗੀ ਸਰਕਾਰ: ਭੱਲਾ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 25 ਮਾਰਚ
ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਅਤੇ ਆਪ ਬਠਿੰਡਾ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਰੁਚਿਤ ਕਰਨ ਲਈ ਪੇਂਡੂ ਕਲੱਬਾਂ ਨੂੰ ਜਿਮ ਅਤੇ ਖੇਡ ਕਿੱਟਾਂ ਦੇਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨਸ਼ੇ ਦੇ ਖਾਤਮੇ ਲਈ ਇਕਾਗਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਦੇ ਸੋਹਣੇ ਨਤੀਜੇ ਵੀ ਸਾਹਮਣੇ ਆ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ 2007 ਤੋਂ 2017 ਤੱਕ ਅਕਾਲੀ ਸਰਕਾਰ ਵੇਲੇ ਪੰਜਾਬ ਅੰਦਰ ਨਸ਼ੇ ਦਾ ਪਾਸਾਰ ਹੋਇਆ। ਉਸ ਤੋਂ ਬਾਅਦ 2017 ਤੋਂ 2022 ਤੱਕ ਕਾਂਗਰਸ ਦੀ ਸਰਕਾਰ ਰਹੀ, ਪਰ ਨਸ਼ਿਆਂ ਦੀ ਕਮਰ ਤੋੜਨ ਦੇ ਦਾਅਵੇ ਨਾਲ ਹੋਂਦ ’ਚ ਆਈ ਕਾਂਗਰਸ ਸਰਕਾਰ ਨੇ ਇਸ ਪਾਸੇ ਉੱਕਾ ਹੀ ਧਿਆਨ ਨਹੀਂ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਮਾਨ ਸਰਕਾਰ ਨਸ਼ਾ ਤਸਕਰਾਂ ਨੂੰ ਲਗਾਤਾਰ ਗਿ੍ਰਫ਼ਤਾਰ ਕਰ ਕੇ, ਉਨ੍ਹਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾ ਰਹੀ ਹੈ ਅਤੇ ਇਸ ਮੁਹਿੰਮ ਨੂੰ ਸਮਾਜ ਦੇ ਮੋਹਤਬਰਾਂ ਵੱਲੋਂ ਸਰਕਾਰ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ।