ਸਰਕਾਰ ਨੇ ਮਜੀਠੀਆ ਦੀ ਜ਼ੈੱਡ ਪਲੱਸ ਸਣੇ ਸਾਰੀ ਸੁਰੱਖਿਆ ਵਾਪਸ ਲਈ
ਆਤਿਸ਼ ਗੁਪਤਾ
ਚੰਡੀਗੜ੍ਹ, 1 ਅਪਰੈਲ
ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਇਸ ਗੱਲ ਦਾ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐੱਕਸ ’ਤੇ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਮਜੀਠੀਆ ਦੀ ਜ਼ੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਖ਼ਿਲਾਫ਼ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੀ ਸੁਰੱਖਿਆ ਵਾਪਸ ਲੈਣ ਦਾ ਫ਼ੈਸਲਾ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।
ਸੁਖਬੀਰ ਨੇ ਕਿਹਾ ਕਿ ‘ਆਪ’ ਆਗੂ ਲਗਾਤਾਰ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਝੂਠਾ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੇ ਝੂਠੇ ਦੋਸ਼ ਲਾ ਕੇ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗੀ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਵਿਖੇ ਹੋਏ ਹਮਲੇ ਦੀ ਕੋਸ਼ਿਸ਼ ਨੂੰ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਕਮਜ਼ੋਰ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਆਸਾਨੀ ਨਾਲ ਜ਼ਮਾਨਤ ਮਿਲਣਾ ਸਰਕਾਰ ਦੇ ਭਿਆਨਕ ਮਨਸੂਬਿਆਂ ਨੂੰ ਹੋਰ ਵੀ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਬੁਲਾਰਿਆਂ ਨੂੰ ਖੁੱਲ੍ਹੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਖ਼ਤਰਨਾਕ ਘਟਨਾਵਾਂ ’ਤੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਮਜੀਠੀਆ ਜਾਂ ਪਾਰਟੀ ਦੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਪੁਲੀਸ ਮੁਖੀ ਇਸ ਦੇ ਜ਼ਿੰਮੇਵਾਰ ਹੋਣਗੇ।