ਸਰਕਾਰਾਂ ਸਿੱਖਾਂ ਨੂੰ ਇਨਸਾਫ਼ ਦੇਣ ਲਈ ਤਿਆਰ ਨਹੀਂ: ਗੁਰਚਰਨ ਸਿੰਘ
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 23 ਨਵੰਬਰ
ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ 7 ਜਨਵਰੀ 2023 ਨੂੰ ਸ਼ੁਰੂ ਕੀਤਾ ਲੜੀਵਾਰ ਧਰਨਾ (ਪੱਕਾ ਮੋਰਚਾ) ਜਾਰੀ ਹੈ। ਅੱਜ ਵੱਖ-ਵੱਖ ਨਿਹੰਗ ਸਿੰਘ, ਸਿੱਖ ਤੇ ਸਮਾਜਿਕ ਜਥੇਬੰਦੀਆਂ, ਕਿਸਾਨਾਂ, ਇਨਸਾਫ਼ਪਸੰਦਾਂ ਅਤੇ ਬੁੱਧੀਜੀਵੀਆਂ ਦੀ ਗੋਲਮੇਜ਼ ਕਾਨਫਰੰਸ ਹੋਈ। ਜਥੇਬੰਦੀਆਂ ਨੇ ਬੰਦੀ ਸਿੰਘਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸਜ਼ਾਵਾਂ ਭੁਗਤ ਚੁੱਕੇ ਸਾਰੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ, ਬਲਜੀਤ ਸਿੰਘ ਭਾਊ, ਕਿਸਾਨ ਆਗੂ ਸੁੱਖ ਗਿੱਲ ਮੋਗਾ, ਬਲਬੀਰ ਸਿੰਘ ਫ਼ਤਹਿਗੜ੍ਹ ਸਾਹਿਬ ਅਤੇ ਜਥੇਦਾਰ ਗੁਰਨਾਮ ਸਿੰਘ ਸਿੱਧੂ ਸਣੇ ਹੋਰਨਾਂ ਨੇ ਸੰਬੋਧਨ ਕੀਤਾ। ਮੰਚ ਸੰਚਾਲਕ ਗੁਰਦੀਪ ਸਿੰਘ ਬਠਿੰਡਾ ਨੇ ਕੀਤਾ।
ਬਾਪੂ ਗੁਰਚਰਨ ਸਿੰਘ ਨੇ ਬੰਦੀ ਸਿੰਘਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰਾਂ ਸਿੱਖਾਂ ਨੂੰ ਇਨਸਾਫ਼ ਦੇਣ ਲਈ ਰਾਜ਼ੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨਸਾਨੀਅਤ ਦਾ ਮਸਲਾ ਹੈ। ਉਨ੍ਹਾਂ ਨੇ ਮੰਚ ਤੋਂ ਵਾਰ-ਵਾਰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਬਾਅਦ ਦੁਪਹਿਰ ਸ਼ੁਰੂ ਹੋਈ ਗੋਲਮੇਜ਼ ਕਾਨਫਰੰਸ ਦੇਰ ਸ਼ਾਮ ਤੱਕ ਚੱਲੀ।