ਸਿੱਖ ਮਸਲਿਆਂ ਪ੍ਰਤੀ ਸੰਜੀਦਾ ਨਹੀਂ ਸਰਕਾਰਾਂ: ਵਡਾਲਾ
ਪੱਤਰ ਪ੍ਰੇਰਕ
ਮੁਕੇਰੀਆਂ, 18 ਸਤੰਬਰ
ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਸਿੱਖ ਮਸਲਿਆਂ ਦੇ ਹੱਲ ਲਈ ਸਿੱਖ ਪੰਥਕ ਰਵਾਇਤਾਂ ਵਾਲੀਆਂ ਧਿਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋ ਕੇ ਸੰਘਰਸ਼ ਕਰਨਾ ਪੈਣਾ ਹੈ। ਉਹ ਅੱਜ ਇੱਥੇ ਦਲ ਦੇ ਜ਼ਿਲ੍ਹਾ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।
ਭਾਈ ਵਡਾਲਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ ਕੋਈ ਠੋਸ ਨੀਤੀ ਅਖਤਿਆਰ ਨਹੀਂ ਕੀਤੀ, ਜਿਸ ਕਾਰਨ ਸਿੱਖ ਨੌਜਵਾਨਾਂ ਨੂੰ ਵੱਖ ਵੱਖ ਮਾਮਲਿਆਂ ਵਿੱਚ ਉਲਝਾ ਕੇ ਜੇਲ੍ਹਾਂ ਅੰਦਰ ਡੱਕਿਆ ਗਿਆ ਹੈ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਤਹਿਸੀਲ, ਬਲਾਕ ਅਤੇ ਪਿੰਡ ਪੱਧਰ ’ਤੇ ਕਮੇਟੀਆਂ ਬਣਾ ਕੇ ਇਕਮੁੱਠ ਹੋਣ ਅਤੇ ਨੌਜਵਾਨਾਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ। ਇਸ ਮੌਕੇ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਕਿਹਾ ਕਿ ਚੋਣਾ ਤੋਂ ਪਹਿਲਾਂ ਲੋਕਾਂ ਨਾਲ ਹਮਦਰਦੀ ਦਿਖਾਉਣ ਵਾਲੀਆਂ ਸਾਰੀਆਂ ਪਾਰਟੀਆਂ ਨੇ ਸੱਤਾ ’ਤੇ ਕਾਬਜ਼ ਹੁੰਦਿਆਂ ਹੀ ਆਪਣਾ ਰੰਗ ਦਿਖਾਉਂਦਿਆਂ ਲੋਕ ਹਿੱਤਾਂ ਲਈ ਲੜਨ ਵਾਲੀਆਂ ਧਿਰਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ। ਇਸ ਲਈ ਸਰਕਾਰਾਂ ਖਿਲਾਫ਼ ਸੰਘਰਸ਼ ਇਕੱਠਿਆਂ ਹੋਣ ਦੀ ਲੋੜ ਹੈ।