ਰਾਜਪਾਲ ਵੱਲੋਂ ਲੜਕੀਆਂ ਦੀ ਮਿਆਰੀ ਸਿੱਖਿਆ ਅਤੇ ਸੁਰੱਖਿਆ ’ਤੇ ਜ਼ੋਰ
ਹਤਿੰਦਰ ਮਹਿਤਾ
ਜਲੰਧਰ, 23 ਅਕਤੂਬਰ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੜਕੀਆਂ ਦੀ ਮਿਆਰੀ ਸਿੱਖਿਆ ਅਤੇ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਭ ਨੂੰ ਮਿਲ ਕੇ ਅਜਿਹਾ ਵਾਤਾਵਰਨ ਸਿਰਜਣਾ ਚਾਹੀਦਾ ਹੈ, ਜਿੱਥੇ ਮਹਿਲਾਵਾਂ ਸਮਾਜਿਕ, ਆਰਥਿਕ, ਸੱਭਿਆਚਾਰਕ ਅਤੇ ਰਾਜਨੀਤਕ ਖੇਤਰ ਵਿੱਚ ਪੂਰੀ ਤਰ੍ਹਾਂ ਹਿੱਸਾ ਲੈ ਸਕਣ ਅਤੇ ਆਪਣਾ ਯੋਗਦਾਨ ਪਾ ਸਕਣ। ਇਥੇ ਪ੍ਰੇਮ ਚੰਦ ਮਾਰਕੰਡਾ ਐੱਸਡੀ ਕਾਲਜ ਫਾਰ ਵੂਮੈਨ ਜਲੰਧਰ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਲੜਕੀਆਂ ਸਮਾਜ ਦੀ ਨੀਂਹ ਹਨ, ਜਿਨ੍ਹਾਂ ਨੂੰ ਪੜ੍ਹਾਉਣ ਅਤੇ ਉਨ੍ਹਾਂ ਦੇ ਸੁਫਨਿਆਂ ਨੂੰ ਉਡਾਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਵਿੱਚ ਅਪਾਰ ਸਮਰਥਾ ਹੈ ਅਤੇ ਜੇ ਉਨ੍ਹਾਂ ਨੂੰ ਸਹੀ ਦਿਸ਼ਾ ਦਿੱਤੀ ਜਾਵੇ ਤਾਂ ਉਹ ਕਿਸੇ ਵੀ ਮੁਕਾਮ ’ਤੇ ਪਹੁੰਚ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਇਤਿਹਾਸ ਮਹਿਲਾਵਾਂ ਦੇ ਯੋਗਦਾਨ ਦੀਆਂ ਮਿਸਾਲਾਂ ਨਾਲ ਭਰਿਆ ਪਿਆ ਹੈ ਅਤੇ ਆਧੁਨਿਕ ਭਾਰਤ ਵਿੱਚ ਵੀ ਔਰਤਾਂ ਪੁਰਸ਼ਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ, ਫ਼ੌਜ, ਪੁਲੀਸ, ਖੇਡਾਂ ਅਤੇ ਕਲਾ ਸਮੇਤ ਅਜਿਹਾ ਕੋਈ ਖੇਤਰ ਨਹੀਂ, ਜਿੱਥੇ ਔਰਤਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਨਾ ਮਨਵਾਇਆ ਹੋਵੇ। ਲੜਕੀਆਂ ਦੀ ਸਿੱਖਿਆ ਵਿੱਚ ਸੰਸਥਾ ਵੱਲੋਂ ਪਿਛਲੇ 50 ਸਾਲਾਂ ਤੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਾਲਜ ਨੂੰ ਭਵਿੱਖ ਵਿੱਚ ਸਫ਼ਲਤਾ ਦੀਆਂ ਹੋਰ ਬੁਲੰਦੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਇਸ ਦੌਰਾਨ ਰਾਜਪਾਲ ਵੱਲੋਂ ਗੋਲਡਨ ਜੁਬਲੀ ਸਮਾਗਮ ਮੌਕੇ ਕਾਲਜ ਦਾ ਸੋਵੀਨਾਰ ਰਿਲੀਜ਼ ਕੀਤਾ ਗਿਆ ਅਤੇ ਵਿਦਿਆਰਥਣਾਂ ਵੱਲੋਂ ਲਾਏ ਗਏ ਸਟਾਲਾਂ ਦਾ ਵੀ ਜਾਇਜ਼ਾ ਲਿਆ ਗਿਆ। ਇਸ ਤੋਂ ਪਹਿਲਾਂ ਕਾਲਜ ਦੀ ਗਵਰਨਿੰਗ ਬਾਡੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਨਮਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸਡੀਐੱਮ ਰਣਦੀਪ ਸਿੰਘ, ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਰੇਸ਼ ਬੁਧੀਆ, ਉਪ ਪ੍ਰਧਾਨ ਵਿਨੋਦ ਕੁਮਾਰ ਦਾਦਾ, ਸਕੱਤਰ ਨਰੇਸ਼ ਮਾਰਕੰਡਾ ਅਤੇ ਹੋਰ ਹਾਜ਼ਰ ਸਨ।
ਤਕਨੀਕੀ ਤਰੱਕੀ ਤੇ ਵਿਰਾਸਤ ਦੀ ਸੰਭਾਲ ਵਿਚਾਲੇ ਸੰਤੁਲਨ ਬਣਾਉਣ ਦੀ ਅਪੀਲ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਕਨੀਕੀ ਤਰੱਕੀ ਅਤੇ ਅਮੀਰ ਵਿਰਾਸਤ ਦੀ ਸੰਭਾਲ ਦਰਮਿਆਨ ਸੰਤੁਲਨ ਬਣਾਈ ਰੱਖਣ ਲਈ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਦੇ ਨਾਲ-ਨਾਲ ਸੰਸਕਾਰ ਦੇਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਅਧਿਆਪਨ ਨੂੰ ਪਵਿੱਤਰ ਕਿੱਤਾ ਦੱਸਦਿਆਂ ਉਨ੍ਹਾਂ ਕਿਹਾ ਕਿ ਅਧਿਆਪਨ ਸਿਰਫ਼ ਕਿੱਤਾ ਨਹੀਂ ਸਗੋਂ ਪਵਿੱਤਰ ਕਾਰਜ ਹੈ। ਉਨ੍ਹਾਂ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਵਿੱਚ ਅਧਿਆਪਕ ਦਾ ਵਡਮੁੱਲਾ ਯੋਗਦਾਨ ਹੁੰਦਾ ਹੈ, ਇਸ ਲਈ ਗੁਰੂ ਹਮੇਸ਼ਾ ਸਭ ਤੋਂ ਵੱਧ ਸਨਮਾਨ ਦਾ ਪਾਤਰ ਹੁੰਦਾ ਹੈ।