ਪੰਜਾਬ ’ਚੋਂ ਚੌਲਾਂ ਦੀ ਤੇਜ਼ੀ ਨਾਲ ਚੁਕਾਈ ਲਈ ਰਾਜਪਾਲ ਦਾ ਦਖ਼ਲ ਮੰਗਿਆ
ਆਤਿਸ਼ ਗੁਪਤਾ
ਚੰਡੀਗੜ੍ਹ, 28 ਅਕਤੂਬਰ
ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਥੇ ਰਾਜ ਭਵਨ ਵਿੱਚ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਰਾਜਪਾਲ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਯਕੀਨੀ ਬਣਾਉਣ ਲਈ ਦਖ਼ਲ ਦੇਣ।
ਰਾਜਪਾਲ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰਨਾਂ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ’ਤੇ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਕੇਂਦਰ ਸਰਕਾਰ ਵੱਲੋਂ ਸ਼ੈੱਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਵਿੱਚ ਕੀਤੀ ਜਾ ਰਹੀ ਦੇਰੀ ਬਾਰੇ ਜਾਣੂ ਕਰਵਾਇਆ ਹੈ ਜਿਸ ਕਾਰਨ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਚੌਲਾਂ ਦੀ ਕਟੌਤੀ ਦਾ ਮੁੱਦਾ ਵੀ ਚੁੱਕਿਆ ਗਿਆ ਅਤੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਇਸ ਦਾ ਫੌਰੀ ਹੱਲ ਕਰਵਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਝੋਨੇ ਦੀ ਖ਼ਰੀਦ ਲਈ 40 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਸਬੰਧੀ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਰਕਮ ਸੀਸੀਐੱਲ ਲਿਮਟ ਦੀ ਹੈ, ਜੋ ਹਰ ਸਾਲ ਝੋਨੇ-ਕਣਕ ਦੇ ਖ਼ਰੀਦ ਸੀਜ਼ਨ ਦੌਰਾਨ ਜਾਰੀ ਕੀਤੀ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਕੇਂਦਰੀ ਸਰਕਾਰ ਨੂੰ ਪੱਤਰ ਲਿਖਣ ਦੇ ਬਾਵਜੂਦ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਹੋਈ। ਸ੍ਰੀ ਚੀਮਾ ਨੇ ਕੇਂਦਰ ਸਰਕਾਰ ’ਤੇ ਦਿੱਲੀ ਕਿਸਾਨ ਅੰਦੋਲਨ ਲਈ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣ ਅਤੇ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਕੇਂਦਰੀ ਪੂਲ ਵਿੱਚ 40 ਫੀਸਦ ਕਣਕ ਅਤੇ 22 ਫੀਸਦ ਚੌਲਾਂ ਦਾ ਯੋਗਦਾਨ ਪਾਉਂਦੇ ਹਨ। ਸੂਬੇ ਦੇ ਕਿਸਾਨਾਂ ਦੇ ਹੱਕਾਂ ਨੂੰ ਅੱਖੋਂ-ਪਰੋਖੇ ਕਰਨਾ ਬੇਇਨਸਾਫ਼ੀ ਹੈ। ਵਿੱਤ ਮੰਤਰੀ ਨੇ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਕੇਂਦਰ ਸਰਕਾਰ ਕੋਲ ਸੂਬੇ ਦੇ ਹਿਤਾਂ ਦੀ ਜ਼ੋਰਦਾਰ ਵਕਾਲਤ ਕਰਨਗੇ।