ਰਾਜਪਾਲ ਦਾ ਦੌਰਾ: ਅਧਿਕਾਰੀਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ
ਪੱਤਰ ਪ੍ਰੇਰਕ
ਪਠਾਨਕੋਟ, 6 ਨਵੰਬਰ
ਪੰਜਾਬ ਦੇ ਰਾਜਪਲ ਗੁਲਾਬ ਚੰਦ ਕਟਾਰੀਆ ਵੱਲੋਂ 8 ਨਵੰਬਰ ਨੂੰ ਇਸ ਸਰਹੱਦੀ ਖੇਤਰ ਦੇ ਕੀਤੇ ਜਾ ਰਹੇ ਦੌਰੇ ਦੇ ਮੱਦੇਨਜ਼ਰ ਅੱਜ ਬਮਿਆਲ ਵਿੱਚ ਸਥਿਤ ਮਹਾਰਾਣਾ ਪ੍ਰਤਾਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਅਤੇ ਐੱਸਐੱਸਪੀ ਦਲਜਿੰਦਰ ਸਿੰਘ ਢਿੱਲੋਂ ਦੇਰ ਸ਼ਾਮ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰੀਆਂ, ਪੇਂਡੂ ਸੁਰੱਖਿਆ ਕਮੇਟੀਆਂ (ਵੀਡੀਸੀ) ਦੇ ਮੈਂਬਰਾਂ ਅਤੇ ਸਥਾਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੇ ਦੱਸਿਆ ਕਿ 8 ਨਵੰਬਰ ਨੂੰ ਸਰਹੱਦ ਖੇਤਰ ਦੇ ਦੌਰੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੌਮਾਂਤਰੀ ਸਰਹੱਦ ਦਾ ਦੌਰਾ ਕਰਨਗੇ। ਉਪਰੰਤ ਉਹ ਮਹਾਰਾਣਾ ਪ੍ਰਤਾਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੇਂਡੂ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ। ਸੂਤਰਾਂ ਮੁਤਾਬਕ ਇਸ ਮਗਰੋਂ ਉਹ ਪਠਾਨਕੋਟ ਵਿੱਚ ਸੀਮਾ ਸੁਰੱਖਿਆ ਬਲ, ਭਾਰਤੀ ਫ਼ੌਜ, ਜ਼ਿਲ੍ਹਾ ਪ੍ਰਸ਼ਾਸਨ ਅਤੇ ਖੁਫ਼ੀਆ ਏਜੰਸੀਆਂ ਦੇ ਅਧਿਕਾਰੀਆਂ ਨਾਲ ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੁਪਤ ਮੀਟਿੰਗ ਵੀ ਕਰਨਗੇ। ਮੀਟਿੰਗ ਵਿੱਚ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਲਗਾਤਾਰ ਇਸ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸਰਗਰਮੀਆਂ ਨੂੰ ਰੋਕਣ ਬਾਰੇ ਰਣਨੀਤੀ ਤਿਆਰ ਕਰਨਗੇ।