ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ: ਜੀਦਾ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 15 ਨਵੰਬਰ
ਸ਼ੂਗਰਫ਼ੈੱਡ ਪੰਜਾਬ ਦੇ ਚੇਅਰਮੈਨ ਐਡਵਕੇਟ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ’ਚੋਂ ਕਿਸਾਨਾਂ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ ਪਰ ਕੁਝ ਸ਼ਰਾਰਤੀ ਅਨਸਰ ਸਰਕਾਰ ਨੂੰ ਬਦਨਾਮ ਕਰਨ ਦੀ ਤਾਕ ਵਿਚ ਰਹਿੰਦੇ ਹਨ ਅਤੇ ਉਹੋ ਹੀ ਝੂਠਾ ਪ੍ਰਚਾਰ ਕਰ ਰਹੇ ਹਨ। ਸ੍ਰੀ ਜੀਦਾ ਨੇ ਕਿਹਾ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਛੋਟੀ-ਮੋਟੀ ਪ੍ਰੇਸ਼ਾਨੀ ਜ਼ਰੂ ਆਈ ਹੈ ਪਰ ਹੁਣ ਮੌਸਮ ਸਾਫ਼ ਹੋਣ ਨਾਲ ਮੰਡੀਆਂ ਵਿੱਚ ਝੋਨੇ ਦੀ ਤੁਲਾਈ ਤੇਜ਼ੀ ਫੜ ਗਈ ਹੈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜਿਸ ਵਿੱਚ ਕਿਸਾਨਾਂ ਸਮੇਤ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋਟਿਆਂ ’ਤੇ ਗਿਣੇ ਜਾਣ ਵਾਲੇ ਵਿਰੋਧੀਆਂ ਨੂੰ ਛੱਡ ਕੇ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਹੋਏ ਕੰਮਾਂ ਦੇ ਮੁਰੀਦ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਉਹ ਕੰਮ ਕੀਤੇ, ਜੋ ਪਿਛਲੇ 75 ਸਾਲਾਂ ਵਿੱਚ ਕੋਈ ਵੀ ਸਰਕਾਰ ਨਹੀਂ ਕਰ ਸਕੀ। ਸ੍ਰੀ ਜੀਦਾ ਨੇ ਕਿਹਾ ਲੋਕ ਰਵਾਇਤੀ ਪਾਰਟੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਸਬਕ ਸਿਖਾਉਣਗੇ ਅਤੇ ਪੰਜਾਬ ਵਿੱਚ ਆਪ ਸਾਰੀਆਂ ਲੋਕ ਸਭਾ ਸੀਟਾਂ ਜਿੱਤੇਗੀ।