ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ: ਅਮਨ ਅਰੋੜਾ
ਸਤਨਾਮ ਸਿੰਘ ਸੱਤੀ
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ’ਚ ਮੈਗਾ ਅਧਿਆਪਕ-ਮਾਪੇ ਮਿਲਣੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਰੋੜਾ ਨੇ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਤੇ ਸਮਾਜ ਦਾ ਸਭ ਤੋਂ ਕੀਮਤੀ ਸਰਮਾਇਆ ਹੁੰਦੇ ਹਨ ਜਿਨ੍ਹਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੀ ਇਹ ਨਿਯਮਤ ਮਿਲਣੀ ਪ੍ਰਕਿਰਿਆ ਸਿੱਖਿਆ ਦੇ ਸਿਸਟਮ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਲਾਹੇਵੰਦ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦੀਆਂ ਵਿੱਦਿਅਕ ਸੁਵਿਧਾਵਾਂ ਦੇ ਹਾਣ ਦਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੀਆਂ ਸਰਕਾਰਾਂ ਨੇ ਲੋਕ ਹਿਤਾਂ ਨਾਲ ਜੁੜੇ ਹੋਏ ਮਸਲਿਆਂ ਨੂੰ ਅਣਗੌਲਿਆ ਕੀਤਾ ਜਦਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁਰੂ ਤੋਂ ਹੀ ਲੋਕਪੱਖੀ ਕਦਮ ਚੁੱਕੇ ਅਤੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੈਗਾ ਪੀਟੀਐਮ ਦੇ ਇਨ੍ਹਾਂ ਸਮਾਗਮਾਂ ਦੌਰਾਨ ਵਿਦਿਆਰਥੀਆ ਦੇ ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸੁਖਾਵੀ ਸਾਂਝ ਬਣਦੀ ਹੈ ਅਤੇ ਸਮੁੱਚੇ ਵਿਦਿਅਕ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਮਾਪੇ ਅਤੇ ਅਧਿਆਪਕ ਦੋਵੇਂ ਹੀ ਆਪੋ ਆਪਣਾ ਬਣਦਾ ਯੋਗਦਾਨ ਪਾਉਣ ਦੇ ਸਮਰੱਥ ਬਣਦੇ ਹਨ।
ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ, ਪ੍ਰਿੰਸੀਪਲ ਨੀਲਮ ਰਾਣੀ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਜਤਿੰਦਰ ਜੈਨ, ਨਰਿੰਦਰ ਸਿੰਘ ਠੇਕੇਦਾਰ, ਮਣੀ ਸਰਾਓ, ਮਨਪ੍ਰੀਤ ਬਾਂਸਲ, ਗੁਰਤੇਗ ਸਿੰਘ ਨਿੱਕਾ, ਚਮਕੌਰ ਹਾਂਡਾ, ਰਾਮ ਕੁਮਾਰ, ਹਰਮੀਤ ਵਿਰਕ ਵੀ ਹਾਜ਼ਰ ਸਨ।