ਲੋਕਾਂ ਦੀ ਮੰਗ ਅਨੁਸਾਰ ਹੋਰ ਆਮ ਆਦਮੀ ਕਲੀਨਿਕ ਖੋਲ੍ਹੇਗੀ ਸਰਕਾਰ: ਕੁਲਵੰਤ ਸਿੰਘ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 6 ਨਵੰਬਰ
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਮੰਤਵ ਨਾਲ ਸਿਹਤ ਸਹੂਲਤ ਲਈ 872 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਾਰਜਸ਼ੀਲ ਹਨ। ਮੁਹਾਲੀ ਜ਼ਿਲ੍ਹੇ ਵਿੱਚ 40 ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 14,03,442 ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਮੰਗ ਅਤੇ ਸਹੂਲਤ ਦੇ ਹਿਸਾਬ ਨਾਲ ਜਲਦੀ ਹੀ ਮੁਹੱਲਾ ਕਲੀਨਿਕਾਂ ਦੀ ਗਿਣਤੀ ’ਚ ਵਾਧਾ ਕਰੇਗੀ।
ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੇ 38 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਹੁਣ ਤੱਕ 2,98,623 ਮਰੀਜ਼ਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਜਾਂਚ ਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਮੁੱਖ ਉਦੇਸ਼ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ 80 ਫ਼ੀਸਦੀ ਦਵਾਈਆਂ ਮਿਲ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਸ਼ੁਰੂ ਹੋਣ ਤੋਂ ਬਾਅਦ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਬੋਝ ਘਟਿਆ ਹੈ। ਇਹ ਕਲੀਨਿਕ ਮਰੀਜ਼ਾਂ ਲਈ ਵਰਦਾਨ ਸਾਬਤ ਹੋਏ ਹਨ।
ਕਾਰਜਕਾਰੀ ਸਿਵਲ ਸਰਜਨ ਡਾ. ਰੇਨੂ ਸਿੰਘ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਨਿੱਜੀ ਹਸਪਤਾਲਾਂ ਦੀ ਬਜਾਇ ਆਮ ਆਦਮੀ ਕਲੀਨਿਕਾਂ ਪ੍ਰਤੀ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿੱਚ ਮਾਹਿਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ।