‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸ਼ਾਨਦਾਰ ਸ਼ੁਰੂਆਤ
ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਅਗਸਤ
ਇੱਥੋਂ ਦੇ ਵਾਰ ਹੀਰੋਜ਼ ਸਟੇਡੀਅਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਭਰ ਵਿੱਚੋਂ ਆਪਣੀ ਤਰ੍ਹਾਂ ਦੇ ਸਭ ਤੋਂ ਵੱਡੇ ਖੇਡ ਮੁਕਾਬਲਿਆਂ ਵਿੱਚੋਂ ਇੱਕ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਾਗ ਲੈਣ ਵਾਲੇ ਖੇਡ ਦਲਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਖੇਡ ਮੇਲੇ ਦੇ ਉਦਘਾਟਨ ਦਾ ਰਸਮੀ ਐਲਾਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਦੀ ਯਾਦ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਇਸ ਵੱਕਾਰੀ ਖੇਡ ਮੁਕਾਬਲੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਦੀ ਦੌੜ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ ਨੌਂ ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਵਰਗ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਵਰਗੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ ਖੇਡਾਂ ਵਤਨ ਪੰਜਾਬ ਦੀਆਂ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਇਸ ਮੌਕੇ ਉੱਘੇ ਪੰਜਾਬੀ ਗਾਇਕਾਂ ਗੁਰਦਾਸ ਮਾਨ, ਹਰਭਜਨ ਸ਼ੇਰਾ, ਅਸਮੀਤ ਸਹਿਰਾ, ਪਰੀ ਪੰਧੇਰ, ਬਸੰਤ ਕੌਰ, ਅਰਮਾਨ ਢਿੱਲੋਂ ਤੇ ਹੋਰ ਗਾਇਕਾਂ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਤੋਂ ਪਹਿਲਾਂ ਪ੍ਰਸਿੱਧ ਖਿਡਾਰੀਆਂ ਮਹਾਂ ਸਿੰਘ, ਮਨਦੀਪ ਕੌਰ, ਸੁਨੀਤਾ ਰਾਣੀ, ਗਗਨ ਅਜੀਤ ਸਿੰਘ, ਸਿਫਤ ਕੌਰ, ਅਰਜਨ ਸਿੰਘ ਚੀਮਾ, ਸੁਖਮੀਤ ਸਿੰਘ, ਵਿਜੈਵੀਰ ਸਿੰਘ, ਹਰਸ਼ਦੀਪ ਕੌਰ, ਮਹਿਕਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਖੇਡਾਂ ਦੀ ਮਸ਼ਾਲ ਜਗਾਈ। ਨਾਮਵਰ ਖਿਡਾਰੀ ਅਭੀ ਜੋਸ਼ੀ ਖੇਡਾਂ ਦੇ ਝੰਡਾਬਰਦਾਰ ਰਹੇ। ਇਸ ਮੌਕੇ ਮੁੱਖ ਮੰਤਰੀ ਦੇ ਪਤਨੀ ਡਾ. ਗੁਰਪ੍ਰੀਤ ਕੌਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਸੰਸਦ ਮੈਂਬਰ ਮੀਤ ਹੇਅਰ, ਵਿਧਾਇਕ ਨਰਿੰਦਰ ਕੌਰ ਭਰਾਜ ਤੋਂ ਇਲਾਵਾ ਕਈ ਮੰਤਰੀ, ਵਿਧਾਇਕ ਅਤੇ ਚੇਅਰਮੈਨ ਮੌਜੂਦ ਸਨ।