ਪਠਾਨਕੋਟ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਨੂੰ ਸਾਢੇ ਅੱਠ ਕਰੋੜ ਦੀ ਗਰਾਂਟ ਜਾਰੀ
ਐੱਨਪੀ ਧਵਨ
ਪਠਾਨਕੋਟ, 3 ਫਰਵਰੀ
‘ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅਜੋਕੇ ਆਧੁਨਿਕ ਦੌਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਉਦੇਸ਼ ਤਹਿਤ ਸੂਬਾ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਕਰਨ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਉਣ ਦੀ ਦਿਸ਼ਾ ਵੱਲ ਕੰਮ ਕੀਤਾ ਜਾ ਰਿਹਾ ਹੈ।’ ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਮਾਡਲ ਟਾਊਨ ਵਿੱਚ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਨੂੰ ਜ਼ਿਲ੍ਹੇ ਦੇ 351 ਪ੍ਰਾਇਮਰੀ ਸਕੂਲਾਂ ਲਈ 8 ਕਰੋੜ 63 ਲੱਖ 47 ਹਜ਼ਾਰ ਰੁਪਏ ਦੀਆਂ ਗਰਾਂਟਾਂ ਦਾ ਪੱਤਰ ਸੌਂਪਣ ਸਮੇਂ ਕਹੀ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ, ਬੀਪੀਈਓ ਕੁਲਦੀਪ ਸਿੰਘ, ਹਿੰਦੂ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ, ਡਾ. ਮਨਦੀਪ ਸ਼ਰਮਾ, ਬਲਾਕ ਪ੍ਰਧਾਨ ਸੰਦੀਪ, ਸਵਿਤਾ ਸ਼ਰਮਾ, ਰੇਣੂ ਬਾਲਾ ਤੇ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬਹੁਤ ਜ਼ਿਆਦਾ ਸੁਧਾਰ ਕੀਤਾ ਜਾ ਰਿਹਾ ਹੈ। ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋ ਰਿਹਾ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।