ਅਜ਼ਾਦੀ ਦਿਹਾੜੇ ਮੌਕੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਯਾਦ ਕੀਤਾ
ਸੰਤੋਖ ਗਿੱਲ
ਰਾਏਕੋਟ, 16 ਅਗਸਤ
ਇੱਥੇ ਅਨਾਜ ਮੰਡੀ ਵਿੱਚ 78ਵੇਂ ਅਜ਼ਾਦੀ ਦਿਵਸ ਮੌਕੇ ਮੁੱਖ ਮਹਿਮਾਨ ਤਹਿਸੀਲਦਾਰ ਵਿਸ਼ਵਜੀਤ ਸਿੰਘ ਸਿੱਧੂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਬਿਹਤਰ ਭਵਿੱਖ ਦੀ ਉਸਾਰੀ ਲਈ ਸੂਬਾ ਸਰਕਾਰ ਵੱਲੋਂ ਵਚਨਬੱਧਤਾ ਦੁਹਰਾਈ। ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਲਈ ਆਮ ਲੋਕਾਂ ਨੂੰ ਹਰ ਖ਼ੁਸ਼ੀ-ਗ਼ਮੀ ਦੇ ਮੌਕੇ ਘੱਟੋ-ਘੱਟ ਇਕ ਦਰੱਖ਼ਤ ਲਾਉਣ ਦੀ ਅਪੀਲ ਕੀਤੀ। ਮੁੱਖ ਮਹਿਮਾਨ ਵਿਸ਼ਵਜੀਤ ਸਿੰਘ ਸਿੱਧੂ ਨੇ ਅਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਉਪ ਪੁਲੀਸ ਕਪਤਾਨ ਰਛਪਾਲ ਸਿੰਘ ਢੀਂਡਸਾ ਸਮੇਤ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਪੰਜਾਬ ਪੁਲੀਸ, ਐੱਨਸੀਸੀ ਕੈਡੇਟਾਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੀਮਾਂ ਵੱਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ, ਫ਼ੌਜ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਚਿੰਨ੍ਹ ਅਤੇ ਦੁਸ਼ਾਲੇ ਭੇਟ ਕਰ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਵੱਲੋਂ ਪੁਸਤਕਾਂ ਅਤੇ ਪੌਦਿਆਂ ਦਾ ਲੰਗਰ ਲਾਇਆ ਗਿਆ।
ਪਾਇਲ (ਦੇਿਵੰਦਰ ਜੱਗੀ): ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਦਾਣਾ ਮੰਡੀ ਪਾਇਲ ਵਿੱਚ ਦੇਸ਼ ਭਗਤੀ ਦੇ ਜੋਸ਼ ਤੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸਡੀਐੱਮ ਪਾਇਲ ਕ੍ਰਿਤਿਕਾ ਗੋਇਲ ਨੇ ਅਦਾ ਕੀਤੀ, ਐੱਨਸੀਸੀ ਦੀਆਂ ਟੁਕੜੀਆਂ ਵੱਲੋਂ ਸਲਾਮੀ ਦਿੱਤੀ ਗਈ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਾਇਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਦੀਆਂ ਲੜਕੀਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਇਸ ਸਮੇਂ ਵੱਖ ਵੱਖ ਖੇਤਰਾਂ ਵਿੱਚ ਸੁਤੰਤਰਤਾ ਸੈਲਾਨੀ, ਸ਼ਹੀਦ ਫ਼ੌਜੀਆਂ ਦੇ ਪਰਵਾਰਾਂ, ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਸਿੱਖਿਆ ਵਿਭਾਗ, ਸਿਹਤ ਵਿਭਾਗ, ਪੰਜਾਬ ਪੁਲੀਸ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਅਤੇ ਸਫ਼ਾਈ ਸੇਵਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਮਰਾਲਾ ਵਿੱਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ
ਸਮਰਾਲਾ(ਡੀਪੀਐੱਸ ਬੱਤਰਾ): ਨਵੀਂ ਦਾਣਾ ਮੰਡੀ ਵਿੱਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਐੱਸਡੀਐੱਮ ਸਮਰਾਲਾ ਰਜਨੀਸ਼ ਅਰੋੜਾ ਨੇ ਅਦਾ ਕੀਤੀ। ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਨੇ ਪਰੇਡ ਦਾ ਮੁਆਇਨਾ ਕੀਤਾ ਅਤੇ ਪੁਲੀਸ ਦੀ ਟੁਕੜੀ ਤੋਂ ਸਲਾਮੀ ਲਈ। ਉਨ੍ਹਾਂ ਇਸ ਦਿਹਾੜੇ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਚੰਗੀ ਡਿਊਟੀ ਨਿਭਾਉਣ ਵਾਲੇ ਨਗਰ ਕੌਂਸਲ ਦੇ ਮੁਲਾਜ਼ਮ ਇੰਸਪੈਕਟਰ ਸਿਕੰਦਰ ਸਿੰਘ ਬਾਠ ਨੂੰ ਐੱਸਡੀਐੱਮ ਰਜਨੀਸ਼ ਅਰੋੜਾ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।