ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ
ਪੱਤਰ ਪ੍ਰੇਰਕ
ਟਾਂਡਾ, 23 ਸਤੰਬਰ
ਕਿਸਾਨਾਂ ਨੂੰ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਅੱਜ ਇੱਥੇ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਜਾਗਰੂਕਤਾ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਵਿਸ਼ੇਸ਼ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆ ਰਹੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਕਈ ਤਰ੍ਹਾਂ ਦੇ ਹੋਰ ਨੁਕਸਾਨ ਵੀ ਹੁੰਦੇ ਹਨ। ਖੇਤੀਬਾੜੀ ਵਿਕਾਸ ਅਫਸਰ ਡਾ. ਲਵਜੀਤ ਸਿੰਘ ਨੇ ਦੱਸਿਆ ਕਿ ਅੱਜ ਤੋਂ ਸ਼ੁਰੂ ਹੋਈ ਇਹ ਜਾਗਰੂਕਤਾ ਮੁਹਿੰਮ ਬਲਾਕ ਟਾਂਡਾ ਵਿੱਚ 29 ਦਿਨਾਂ ਤੱਕ ਕਿਸਾਨਾਂ ਵਿੱਚ ਜਾਗਰੂਕਤਾ ਦਾ ਸੰਚਾਰ ਕਰੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕਿਸੇ ਵੀ ਤਰ੍ਹਾਂ ਦੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਕੇਸ਼ਵ ਸਿੰਘ , ਸੁਰਿੰਦਰਜੀਤ ਸਿੰਘ ਬਿੱਲੂ , ਸੁਰਿੰਦਰ ਸਿੰਘ ਝੱਜੀ ਪਿੰਡ, ਰਾਜਨ ਸੋਂਧੀ, ਅਤਵਾਰ ਸਿੰਘ ਪਲਾਚੱਕ, ਮਦਨ ਸਿੰਘ ਅਤੇ ਨੰਬਰਦਾਰ ਮਨਪ੍ਰੀਤ ਸਿੰਘ ਵੀ ਮੌਜੂਦ ਸਨ।