ਗਰਿੱਡ ਮਾਮਲਾ: ਕਿਸਾਨਾਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਨਾਲ ਮੀਟਿੰਗ
ਪੱਤਰ ਪ੍ਰੇਰਕ
ਧੂਰੀ, 6 ਜੂਨ
ਪਿੰਡ ਭੁੱਲਰਹੇੜੀ ਵਿੱਚ ਨਵੇਂ ਬਣ ਰਹੇ 66 ਕੇਵੀ ਗਰਿੱਡ ਦਾ ਰੁਕਿਆ ਕੰਮ ਮੁੜ ਸ਼ੁਰੂ ਕਰਵਾਉਣ ਅਤੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ 15 ਜੂਨ ਤੋਂ ਪਹਿਲਾਂ-ਪਹਿਲਾਂ ਹਰ ਹਾਲਤ ’ਚ ਗਰਿੱਡ ਚਾਲੂ ਕਰਨ ਦੀ ਮੰਗ ਸਬੰਧੀ ਬੀਕੇਯੂ ਰਾਜੇਵਾਲ ਅਤੇ ਬੀਕੇਯੂ ਏਕਤਾ ਉਗਰਾਹਾਂ ਦਾ ਸਾਂਝਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ ਨੂੰ ਮਿਲਿਆ। ਵਫ਼ਦ ਵਿੱਚ ਬੀਕੇਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ, ਕਰਮਜੀਤ ਸਿੰਘ, ਜਤਿੰਦਰ ਸਿੰਘ, ਰਛਪਾਲ ਸਿੰਘ, ਕੋ-ਆਪ੍ਰੇਟਿਵ ਸੁਸਾਇਟੀ ਦੇ ਮੈਂਬਰ ਡਾਇਰੈਕਟਰ ਅਮਰੀਕ ਸਿੰਘ, ਬੀਕੇਯੂ ਏਕਤਾ ਉਗਰਾਹਾਂ ਦੇ ਪਵਿੱਤਰ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਸਨ।
ਇਸ ਸਬੰਧੀ ਬੀਕੇਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ ਨੇ ਦੱਸਿਆ ਕਿ 66 ਕੇਵੀ ਗਰਿੱਡ ਭੁੱਲਰਹੇੜੀ ਦਾ ਕੰਮ ਅੰਤਿਮ ਦੌਰ ਵਿੱਚ ਹੈ ਪਰ ਇੱਕ ਟਾਵਰ ਲਗਾਏ ਜਾਣ ਤੋਂ ਪੈਦਾ ਹੋਏ ਵਿਵਾਦ ਕਾਰਨ 15 ਜੂਨ ਤੋਂ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਇਸ ਗਰਿੱਡ ਦੇ ਚਾਲੂ ਹੋਣ ’ਤੇ ਪ੍ਰਸ਼ਨਚਿੰਨ੍ਹ ਲੱਗ ਗਿਆ ਸੀ। ਉਨ੍ਹਾਂ ਦੱਸਿਆ ਕਿ ਓਐੱਸਡੀ ਸ੍ਰੀ ਸਿੱਧੂ ਨੇ ਵਫ਼ਦ ਦੀ ਗੱਲ ਧਿਆਨ ਨਾਲ ਸੁਣੀ ਅਤੇ ਪਾਵਰਕੌਮ ਦੇ ਚੇਅਰਮੈਨ ਨਾਲ ਗੱਲ ਕਰ ਕੇ ਮਾਮਲੇ ਨੂੰ ਤੁਰੰਤ ਨਜਿੱਠਣ ਲਈ ਕਿਹਾ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਇਸ ਮੁਸ਼ਕਲ ਦੇ ਢੁੱਕਵੇਂ ਹੱਲ ਦਾ ਭਰੋਸਾ ਦਿੰਦਿਆਂ ਇੱਕ-ਦੋ ਦਿਨਾਂ ਦਾ ਸਮਾਂ ਮੰਗਿਆ ਹੈ।
ਉੱਧਰ, ਵੱਖਰੇ ਪ੍ਰੈਸ ਬਿਆਨ ਰਾਹੀਂ ਸ਼ੂਗਰਕੇਨ ਸੁਸਾਇਟੀ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਤਾਰੀ ਭੁੱਲਰਹੇੜੀ ਨੇ 66 ਕੇਵੀ ਗਰਿੱਡ ਨੂੰ 15 ਜੂਨ ਤੋਂ ਪਹਿਲਾਂ ਚਾਲੂ ਕਰ ਕੇ ਕਿਸਾਨਾਂ ਦੀ ਵੱਡੀ ਮੁਸ਼ਕਲ ਹੱਲ ਕਰਨ ਲਈ ਕਿਹਾ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ।