ਅਮਰੂਦ ਬਾਗ ਘੁਟਾਲਾ: ਬਾਗਬਾਨੀ ਵਿਕਾਸ ਅਧਿਕਾਰੀ ਜਸਪ੍ਰੀਤ ਸਿੱਧੂ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਜਨਵਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਗਮਾਡਾ ਦੇ ਅਮਰੂਦ ਬਾਗ ਦੇ ਮੁਆਵਜ਼ਾ ਘੁਟਾਲੇ ਵਿੱਚ ਅੱਜ ਬਾਗਬਾਨੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਹੁ-ਕਰੋੜੀ ਘੁਟਾਲੇ ਦੇ ਮਾਮਲੇ ਵਿੱਚ ਅਧਿਕਾਰੀ ਨੇ 1 ਸਤੰਬਰ 2023 ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਲੈ ਲਈ ਸੀ ਪਰ ਹੁਣ ਜ਼ਮਾਨਤ ਰੱਦ ਹੋਣ ’ਤੇ ਜਾਂਚ ਏਜੰਸੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਦੀ ਜਾਂਚ ਟੀਮ ਨੇ ਸਿੱਧੂ ਦੀ ਅਗਾਊਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਵਿਜੀਲੈਂਸ ਵੱਲੋਂ ਸਿੱਧੂ ਦੇ ਹੋਰ ਮੁਲਜ਼ਮ ਲਾਭਪਾਤਰੀਆਂ ਨਾਲ ਸਬੰਧ ਦਰਸਾਉਂਦੇ ਕਾਲ ਰਿਕਾਰਡ, ਛੇੜਛਾੜ ਕੀਤੇ ਤੇ ਜਾਅਲੀ ਦਸਤਾਵੇਜ਼ੀ ਰਿਕਾਰਡ ਅਤੇ ਗਮਾਡਾ ਕੋਲ ਪੇਸ਼ ਕੀਤੀ ਗਈ ਰਿਪੋਰਟ ਅਤੇ ਸੂਬੇ ਦੇ ਬਾਗਬਾਨੀ ਵਿਭਾਗ ਕੋਲ ਉਸੇ ਰਿਪੋਰਟ ਦੀ ਦਫ਼ਤਰੀ ਕਾਪੀ ਵਿਚਕਾਰ ਅੰਤਰ ਨੂੰ ਸਪਸ਼ਟ ਤੌਰ ’ਤੇ ਉਜਾਗਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਫ਼ਤਰੀ ਕਾਪੀ ਵਿੱਚ ਉਕਤ ਬੂਟਿਆਂ ਦੀ ਦਰਸਾਈ ਗਈ ਸ਼੍ਰੇਣੀ ਗਮਾਡਾ ਕੋਲ ਪੇਸ਼ ਕੀਤੀ ਗਈ ਰਿਪੋਰਟ ਵਿੱਚ ਦਰਸਾਈ ਸ਼੍ਰੇਣੀ ਨਾਲੋਂ ਕਾਫ਼ੀ ਵੱਧ ਸੀ। ਇਸ ਤਰ੍ਹਾਂ ਹਾਈ ਕੋਰਟ ਨੇ ਬੀਤੀ 24 ਜਨਵਰੀ ਨੂੰ ਉਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।