ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਨੌਕਰੀਆਂ ਬਚਾਉਣ ਲਈ ਸੰਘਰਸ਼ ਵਿੱਢਿਆ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 1 ਅਕਤੂਬਰ
ਇੱਥੇ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਗੈਸਟ ਫੈਕਲਟੀ ਸਾਂਝਾ ਫਰੰਟ ਪੰਜਾਬ ਦੇ ਬੈਨਰ ਹੇਠ ਆਪਣੀਆਂ ਨੌਕਰੀਆਂ ਬਚਾਉਣ ਲਈ ਕਾਲਜ ’ਚ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰੋ. ਸੁਖਚੈਨ ਸਿੰਘ, ਡਾ. ਪ੍ਰਿਤਪਾਲ ਕੌਸ਼ਿਕ, ਡਾ. ਪਰਮਜੀਤ ਸਿੰਘ ਤੇ ਪ੍ਰੋ. ਮੈਰੀ ਨਚਾਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ 2021 ਵਿਚ ਜਾਂਦਿਆਂ-ਜਾਂਦਿਆਂ ਵੋਟ ਬੈਂਕ ਨੂੰ ਵਧਾਉਣ ਦੀ ਲਾਲਸਾ ਤਹਿਤ 1091 ਪ੍ਰੋਫ਼ੈਸਰ ਅਤੇ 67 ਲਾਇਬਰੇਰੀਅਨ ਕੁੱਲ 1158 ਦੇ ਰੂਪ ਵਿਚ ਕਾਲਜਾਂ ਲਈ ਪ੍ਰੋਫ਼ੈਸਰਾਂ ਦੀਆਂ ਅਸਾਮੀਆਂ ਕੱਢੀਆਂ। ਇਨ੍ਹਾਂ ਅਸਾਮੀਆਂ ਨੂੰ 45 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰਨ ਲਈ ਬਹੁਤ ਕਾਹਲੀ ਵੀ ਵਿਖਾਈ। ਇਸ ਵਿਰੁੱਧ ਕਈ ਪਟੀਸ਼ਨਰਾਂ ਨੇ ਹਾਈ ਕੋਰਟ ’ਚ ਪਟੀਸ਼ਨਾਂ ਵੀ ਪਾਈਆਂ ਜਿਸ ਦੇ ਨਤੀਜੇ ਵਜੋਂ ਹਾਈ ਕੋਰਟ ਨੇ ਭਰਤੀ ਵਿਚ ਕਈ ਤਰੁੱਟੀਆਂ ਜਾਇਜ਼ ਠਹਿਰਾਉਂਦਿਆਂ ਇਸ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਸੀ। ਫਿਰ 1158 ਨੇ ਸਰਕਾਰ ’ਤੇ ਦਬਾਅ ਪਾ ਕੇ ਆਪਣਾ ਕੇਸ ਡਬਲ ਬੈਂਚ ’ਤੇ ਲਗਾਇਆ। ਡਬਲ ਬੈਂਚ ਤੋਂ ਪੰਜਾਬ ਸਰਕਾਰ ਦੁਆਰਾ ਐੱਲਪੀਏ ਪਵਾ ਕੇ ਇਸ ਦੀ ਪੈਰਵੀ ਕਰਕੇ ਇਸ ਭਰਤੀ ਨੂੰ ਸਿਰੇ ਚੜ੍ਹਾਇਆ ਗਿਆ ਅਤੇ ਕੱਲ੍ਹ ਰਾਤ ਬਾਰ੍ਹਾਂ ਵਜੇ ਤੋਂ ਨਵੇਂ ਪ੍ਰੋਫ਼ੈਸਰਾਂ ਨੂੰ ਜੁਆਇਨ ਕਰਾਇਆ ਗਿਆ। ਉਨ੍ਹਾਂ ਕਿਹਾ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ 1158 ਪ੍ਰੋਫ਼ੈਸਰਾਂ ਨਾਲ ਕੋਈ ਵਿਰੋਧ ਨਹੀਂ ਪਰ ਪੰਜਾਬ ਸਰਕਾਰ ਨਵਿਆਂ ਨੂੰ ਜੁਆਇਨ ਕਰਾ ਕੇ ਗੈਸਟ ਫੈਕਲਟੀ ਪ੍ਰੋਫ਼ੈਸਰਾਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਨੂੰ ਸਿਰੇ ਚੜ੍ਹਾਉਂਦੀ ਨਜ਼ਰ ਆ ਰਹੀ ਹੈ । ਇਨ੍ਹਾਂ ’ਚ ਕਈ ਤਾਂ ਸੇਵਾਮੁਕਤੀ ਦੇ ਨੇੜੇ ਪਹੁੰਚੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਪੰਜਾਬ ਸਰਕਾਰ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਨੂੰ ਸੁਰੱਖਿਅਤ ਨਹੀਂ ਕਰਦੀ ਤੇ ਸਨਮਾਨ ਯੋਗ ਤਨਖ਼ਾਹ ਨਹੀਂ ਦਿੰਦੀ ਤਾਂ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਸੰਘਰਸ਼ ਨੂੰ ਤੇਜ਼ ਕਰਨਗੇ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੰਯੁਕਤ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਸਥਾਨਕ ਸਰਕਾਰੀ ਰਣਬੀਰ ਕਾਲਜ ਅੱਗੇ ਆਪਣੀਆਂ ਮੰਗਾਂ ਮੰਨਵਾਉਣ ਲਈ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਕੇ ਸਹਾਇਕ ਪ੍ਰੋਫੈਸਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਦਵਿੰਦਰ ਕੁਮਾਰ, ਪ੍ਰੋ ਗੁਲਸ਼ਨਦੀਪ ਕੌਰ, ਪ੍ਰੋ . ਸੁਧੀ ਗਾਂਧੀ, ਪ੍ਰੋ. ਮੁਹੰਮਦ ਤਨਵੀਰ, ਪ੍ਰੋ. ਰਮਨਦੀਪ ਕੌਰ, ਪ੍ਰੋ .ਰਜਵਿੰਦਰ ਕੌਰ ਨੇ ਕਿਹਾ ਕਿ ਲੰਮੇ ਸਮੇਂ ਤੋਂ ਸਰਕਾਰੀ ਕਾਲਜਾਂ ਵਿੱਚ ਰੈਗੂਲਰ ਪ੍ਰੋਫ਼ੈਸਰਾਂ ਦੀ ਭਰਤੀ ਨਹੀਂ ਕੀਤੀ ਗਈ।
ਉਗਰਾਹਾਂ ਜਥੇਬੰਦੀ ਵੱਲੋਂ ਗੈਸਟ ਫੈਕਲਟੀ ਪ੍ਰੋਫੈਸਰ ਦੀ ਹਮਾਇਤ
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਆਪਣੀਆਂ ਨੌਕਰੀਆਂ ਨੂੰ ਬਚਾਉਣ ਲਈ ਲੜਾਈ ਲੜ ਰਹੇ ਗੈਸਟ ਫੈਕਲਟੀ ਸਹਾਇਕ ਲੈਕਚਰਾਰਾਂ ਦੇ ਸਮਰਥਨ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਆ ਨਿੱਤਰੀ ਹੈ। ਅੱਜ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਦੇ ਸੱਦੇ ’ਤੇ ਇਥੋਂ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ’ਤੇ ਇਨ੍ਹਾਂ ਪ੍ਰੋਫੈਸਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਦਰਜਾ ਚਾਰ ਐਂਪਲਾਈਜ਼ ਯੂਨੀਅਨ (ਕਾਲਜਾਂ) ਦੀ ਵੀ ਭਰਵੀਂ ਹਮਾਇਤ ਮਿਲੀ। ਧਰਨੇ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਹਰ ਸਮੇਂ ਇਹਾਂ ਦੇ ਨਾਲ ਹੈ ਅਤੇ ਇਕ ਵੀ ਪ੍ਰੋਫੈਸਰ ਦੀ ਨੌਕਰੀ ਨਹੀਂ ਜਾਣ ਦਿੱਤੀ ਜਾਵੇਗੀ।