ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਵੇਸ਼ਕਾਂ ਲਈ ਸਾਜ਼ਗਾਰ ਮਾਹੌਲ ਬਣਾਉਣ ਦੇ ਨਿਰਦੇਸ਼

10:10 AM Nov 22, 2024 IST
ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਤਰੁਣਪ੍ਰੀਤ ਸੌਂਦ ਅਧਿਕਾਰੀਆਂ ਨਾਲ ਚਰਚਾ ਕਰਦੇ ਹੋਏ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 21 ਨਵੰਬਰ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੋਵਾਂ ਵਿਭਾਗਾਂ ਨਾਲ ਆਪਸ ਵਿੱਚ ਜੁੜੇ ਮਾਮਲਿਆਂ ਨੂੰ ਤੇਜ਼ੀ ਨਾਲ ਨਿਬੇੜਣ ਲਈ ਮੀਟਿੰਗ ਕੀਤੀ। ਅੱਜ ਇੱਥੇ ਪੁੱਡਾ ਭਵਨ ਵਿੱਚ ਮੰਤਰੀਆਂ ਨੇ ਉੱਚ ਅਧਿਕਾਰੀਆਂ ਨੂੰ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜ਼ਗਾਰ ਮਾਹੌਲ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਨਅਤਕਾਰਾਂ ਤੇ ਨਿਵੇਸ਼ਕਾਂ ਲਈ ਵੱਡੇ ਫ਼ੈਸਲੇ ਕੀਤੇ ਗਏ ਹਨ। ਇਨ੍ਹਾਂ ਨੂੰ ਲਾਗੂ ਕਰਨ ਲਈ ਸਬੰਧਤ ਵਿਭਾਗਾਂ ਵਿੱਚ ਤਾਲਮੇਲ ਹੋਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਪੋਰਟਲ ਉੱਤੇ ਅਜਿਹਾ ਸਿੰਗਲ ਵਿੰਡੋ ਕਲੀਅਰੈਂਸ ਪ੍ਰਬੰਧ ਸਥਾਪਿਤ ਕੀਤਾ ਜਾਵੇ, ਜਿੱਥੋਂ ਹੋਰਨਾਂ ਵਿਭਾਗਾਂ ਦੇ ਨਾਲ-ਨਾਲ ਪੁੱਡਾ ਕੋਲੋਂ ਕਲੀਅਰੈਂਸ ਜਾਂ ਕੋਈ ਪ੍ਰਵਾਨਗੀ ਲੈਣ ਦੀ ਪ੍ਰਕਿਰਿਆ ਸੌਖੀ ਹੋਵੇ।
ਸ੍ਰੀ ਮੁੰਡੀਆਂ ਨੇ ਕਿਹਾ ਕਿ ਨਿਵੇਸ਼ਕਾਂ ਜਾਂ ਸਨਅਤਕਾਰਾਂ ਨਾਲ ਜੁੜੇ ਮਾਮਲਿਆਂ ਸਬੰਧੀ ਪੁੱਡਾ ਵਿੱਚ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਨੇੜਲੇ ਖੇਤਰ ਨੂੰ ਆਈਟੀ ਹੱਬ ਵਜੋਂ ਸਥਾਪਿਤ ਕਰਨ ਲਈ ਸੜਕਾਂ, ਚੌਰਾਹਿਆਂ ਦਾ ਸੁੰਦਰੀਕਰਨ ਤੇ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇਗਾ।
ਸ੍ਰੀ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ 89 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਅੱਜ ਦੀ ਮੀਟਿੰਗ ਦਾ ਮੰਤਵ ਉਦਯੋਗਿਕ ਨਿਵੇਸ਼ ਵਧਾਉਣਾ ਅਤੇ ਦੋਵਾਂ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਬਣਾਉਣਾ ਸੀ। ਉਨ੍ਹਾਂ ਕਿਹਾ ਕਿ ਆਈਟੀ ਸਿਟੀ ਵਿੱਚ ਨਿਵੇਸ਼ਕਾਂ ਲਈ ਅਜਿਹਾ ਮਾਹੌਲ ਸਿਰਜਣਾ ਹੈ, ਜਿਸ ਨਾਲ ਆਉਂਦੇ ਇੱਕ ਸਾਲ ਵਿੱਚ 50 ਹਜ਼ਾਰ ਤੋਂ ਵੱਧ ਹੋਰ ਨੌਕਰੀਆਂ ਦਾ ਪ੍ਰਬੰਧ ਕਰਨ ਦਾ ਟੀਚਾ ਹੈ।
ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ (ਉਦਯੋਗ ਤੇ ਵਣਜ) ਤੇਜਵੀਰ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ ਉਦਯੋਗਪਤੀਆਂ, ਸਨਅਤੀ ਚੈਂਬਰਾਂ ਅਤੇ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ, ਜਿਸ ਵਿੱਚ ਕੁਝ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਆਏ ਸਨ ਕਿ ਕਈ ਪ੍ਰਕਾਰ ਦੀਆਂ ਪ੍ਰਵਾਨਗੀਆਂ ਲੈਣ ਅਤੇ ਨਵੇਂ ਉਦਯੋਗਾਂ ਦੀ ਸਥਾਪਤੀ ਲਈ ਜ਼ਮੀਨ ਦੇਣ ਦੀ ਪ੍ਰਕਿਰਿਆ ਵਿੱਚ ਰੁਕਾਵਟਾਂ ਆ ਰਹੀਆਂ ਹਨ। ਅੱਜ ਦੀ ਮੀਟਿੰਗ ਨਾਲ ਇਨ੍ਹਾਂ ਮਾਮਲਿਆਂ ਦੇ ਸਾਰਥਿਕ ਹੱਲ ਨਿਕਲ ਕੇ ਆਉਣਗੇ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ।

Advertisement

Advertisement