ਗੁਲਾਬੀ ਸੁੰਡੀ: ਖੇਤੀਬਾੜੀ ਅਧਿਕਾਰੀਆਂ ਵੱਲੋਂ ਖੇਤਾਂ ਦਾ ਦੌਰਾ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਨਵੰਬਰ
ਕਣਕ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਮੱਦੇਨਜ਼ਰ ਰੱਖਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਨੇ ਵੱਖ-ਵੱਖ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਜਾਇਜ਼ਾ ਲਿਆ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ ਦੀ ਸਲਾਹ ਦਿੱਤੀ। ਪਿੰਡ ਬਡਰੁੱਖਾਂ ਦੇ ਦੌਰੇ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਹੁਣ ਤੱਕ ਕਣਕ ਦੀ ਬਿਜਾਈ ਤਕਰੀਬਨ 95 ਫ਼ੀਸਦ ਹੋ ਚੁੱਕੀ ਹੈ। ਇਸ ਸਾਲ ਝੋਨੇ ਦੀ ਕਟਾਈ ਦੇਰੀ ਨਾਲ ਹੋਣ ਕਾਰਨ ਅਤੇ ਨਾਲ ਹੀ ਕਣਕ ਦੀ ਬਿਜਾਈ ਦੇ ਸ਼ੁਰੂ ਹੋਣ ਕਾਰਨ ਕੁਝ ਖੇਤਾਂ ਵਿੱਚ ਫਸਲ ’ਤੇ ਸੁੰਡੀ ਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਣਕ ਦੀ ਫ਼ਸਲ ’ਤੇ ਸੰਭਾਵਿਤ ਹਮਲੇ ਦੇ ਮੱਦੇਨਜ਼ਰ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ। ਇਸ ਟੀਮ ਵਿੱਚ ਖੇਤੀਬਾੜੀ ਅਫ਼ਸਰ ਡਾਕਟਰ ਕੁਲਵੀਰ ਸਿੰਘ, ਡਾਕਟਰ ਕੁਲਦੀਪ ਕੌਰ ਏਡੀਓ, ਇੰਦਰਦੀਪ ਕੌਰ ਅਤੇ ਹਰਿਮਿੰਦਰ ਸਿੰਘ ਖੇਤੀ ਉਪ-ਨਿਰੀਖਕ ਸ਼ਾਮਲ ਹਨ।