ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਬਾਣੀ ਪ੍ਰਸਾਰਨ ਮਾਮਲਾ: ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਆਹਮੋ-ਸਾਹਮਣੇ

07:17 AM Jul 22, 2023 IST

ਦਵਿੰਦਰ ਪਾਲ
ਚੰਡੀਗੜ੍ਹ, 21 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਬਾਰ ਸਹਬਿ ਅੰਮ੍ਰਿਤਸਰ ਤੋਂ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ’ਤੇ ਇੱਕ ਵਾਰੀ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ। ਮਾਨ ਨੇ ਆਪਣੇ ਟਵੀਟ ਵਿਚ ਕਿਹਾ ‘‘ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਨ ਕਰਦੇ ਰਹੋ। ਉਨ੍ਹਾਂ ਸਵਾਲ ਕੀਤਾ ਕਿ ਬਾਕੀ ਚੈਨਲਾਂ ਨੂੰ ਕਿਉਂ ਨਹੀਂ। ਮੁੱਖ ਮੰਤਰੀ ਨੇ ਆਪਣੇ ਟਵੀਟ ਰਾਹੀਂ ਕਿਹਾ ਕਿ ‘ਕੀ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਮੁੜ ਅਨਿਸ਼ਚਿਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ?’ ਇਸ ਤਰ੍ਹਾਂ ਨਾਲ ਮੁੱਖ ਮੰਤਰੀ ਨੇ ਆਪਣੇ ਇਸ ਟਵੀਟ ਰਾਹੀਂ ਬਾਦਲ ਪਰਿਵਾਰ ’ਤੇ ਵੀ ਨਿਸ਼ਾਨਾ ਸੇਧਿਆ ਹੈ।

Advertisement

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ 24 ਜੁਲਾਈ ਤੋਂ ਗੁਰਬਾਣੀ ਦੇ ਪ੍ਰਸਾਰਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਚੈਨਲਾਂ ਨੂੰ ਮੁਫ਼ਤ ਅਤੇ ਫਰੀ-ਟੂ-ਏਅਰ ਦੀ ਵਿਵਸਥਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਇਹ ਮੌਕਾ ਮਿਲਦਾ ਹੈ ਤਾਂ 24 ਘੰਟਿਆਂ ਵਿੱਚ ਸਾਰੇ ਪ੍ਰਬੰਧ ਕਰ ਦਿੱਤੇ ਜਾਣਗੇ। ਮਾਨ ਦਾ ਇਹ ਟਵੀਟ ਉਸ ਸਮੇਂ ਆਇਆ ਹੈ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੀਟੀਸੀ ਟੈਲੀਵਿਜ਼ਨ ਚੈਨਲ ਦੇ ਪ੍ਰਬੰਧਕਾਂ ਦਰਮਿਆਨ ਦਰਬਾਰ ਸਹਬਿ ਤੋਂ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਦੇ ਸਮਝੌਤੇ ਦੀ ਮਿਆਦ ਖ਼ਤਮ ਹੋਣ ਵਾਲੀ ਹੈ। ਇਹ ਮਿਆਦ 23 ਜੁਲਾਈ ਨੂੰ ਖਤਮ ਹੋਣੀ ਹੈ ਤੇ 24 ਜੁਲਾਈ ਤੋਂ ਸ਼੍ਰੋਮਣੀ ਕਮੇਟੀ ਨੂੰ ਆਪਣੇ ਪ੍ਰਬੰਧ ਕਰਨੇ ਪੈਣਗੇ ਜਾਂ ਕੋਈ ਹੋਰ ਵਿਵਸਥਾ ਕਰਨੀ ਪਵੇਗੀ ਤਾਂ ਜੋ ਦਰਬਾਰ ਸਾਹਿਬ ਤੋਂ ਕੀਰਤਨ ਅਤੇ ਗੁਬਬਾਣੀ ਸੁਣਨ ਦੀ ਸੁਵਿਧਾ ਦੇਸ਼-ਵਿਦੇਸ਼ ਵਿੱਚ ਬੈਠੇ ਲੋਕ ਲੈ ਸਕਣ। ਸ਼੍ਰੋਮਣੀ ਕਮੇਟੀ ਨੇ ਆਪਣਾ ‘ਯੂ ਟਿਊਬ’ ਚੈਨਲ ਚਲਾਉਣ ਦਾ ਐਲਾਨ ਤਾਂ ਕਰ ਦਿੱਤਾ ਹੈ ਪਰ ਇਹ ਅਨਿਸ਼ਚਤਤਾ ਬਣੀ ਹੋਈ ਹੈ ਕਿ 24 ਜੁਲਾਈ ਤੋਂ ਪਹਿਲਾਂ ਵਾਂਗ ਇਹ ਵਿਵਸਥਾ ਕਾਇਮ ਰਹੇਗੀ ਜਾਂ ਨਹੀਂ। ਸ਼੍ਰੋਮਣੀ ਕਮੇਟੀ ਵੱਲੋਂ ਨਿੱਜੀ ਖੇਤਰ ਦੇ ਟੈਲੀਵਿਜ਼ਨ ਚੈਨਲਾਂ ਨੂੰ ਇਹ ਅਧਿਕਾਰ ਦੇਣ ਲਈ ਹੁਣ ਤੱਕ ਕੋਈ ਟੈਂਡਰ ਪ੍ਰਕਿਰਿਆ ਵੀ ਸ਼ੁਰੂ ਨਹੀਂ ਕੀਤੀ ਗਈ ਤੇ ਨਾ ਹੀ ਇਸ ਦੇ ਆਸਾਰ ਦਿਖਾਈ ਦੇ ਰਹੇ ਹਨ। ਬਾਦਲ ਪਰਿਵਾਰ ਦੀ ਮਾਲਕੀ ਵਾਲੇ ਪੀਟੀਸੀ ਚੈਨਲ ’ਤੇ ਪਿਛਲੇ ਕਈ ਦਹਾਕਿਆਂ ਤੋਂ ਕੀਰਤਨ ਤੇ ਗੁਰਬਾਣੀ ਦਾ ਪ੍ਰਸਾਰਨ ਹੁੰਦਾ ਆ ਰਿਹਾ ਹੈ। ਬਾਦਲਾਂ ਦੇ ਸਿਆਸੀ ਵਿਰੋਧੀਆਂ ਵੱਲੋਂ ਲਗਾਤਾਰ ਇਸ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਵਿੱਚ ਸੱਤਾ ਦੀ ਵਾਗਡੋਰ ਆਮ ਆਦਮੀ ਪਾਰਟੀ ਦੇ ਹੱਥ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ, ਅਕਾਲੀ ਦਲ ਅਤੇ ਬਾਦਲ ਪਰਿਵਾਰ ਚੁਫੇਰਿਓਂ ਘਿਰਿਆ ਦਿਖਾਈ ਦੇ ਰਿਹਾ ਹੈ। ਸ਼੍ਰੋਮਣੀ ਕਮੇਟੀ ਅਤੇ ਪੀਟੀਸੀ ਚੈਨਲ ਦਰਮਿਆਨ ਹੋਏ ਇਕਰਾਰਨਾਮੇ ਦੇ ਖ਼ਤਮ ਹੋਣ ਤੋਂ ਪਹਿਲਾਂ ਹੀ ਜੁਲਾਈ ਮਹੀਨੇ ਦੇ ਆਰੰਭ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਦੀ ਟੈਂਡਰ ਪ੍ਰਕਿਰਿਆ ਵਿੱਚੋਂ ਲਾਂਭੇ ਹੋਣ ਦੀ ਗੱਲ ਕਹੀ ਸੀ। ਬਾਦਲ ਨੇ ਮੀਟਿੰਗ ਦੌਰਾਨ ਸੱਪਸ਼ਟ ਕੀਤਾ ਕਿ ਦਰਬਾਰ ਸਾਹਿਬ ਤੋਂ ਕੀਰਤਨ ਅਤੇ ਗੁਰਬਾਣੀ ਦੇ ਪ੍ਰਸਾਰਨ ਤੋਂ ਬਾਦਲ ਪਰਿਵਾਰ ਕੋਈ ਵਪਾਰਕ ਲਾਹਾ ਨਹੀਂ ਲੈ ਰਿਹਾ ਮਹਿਜ਼ ਸੇਵਾ ਭਾਵਨਾ ਨਾਲ ਹੀ ਇਹ ਕਾਰਜ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਇਤਰਾਜ਼ ਹੈ ਤਾਂ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਨੂੰ ਲੋਕਾਂ ਤੱਕ ਲਿਜਾਣ ਲਈ ਨਿਰਪੱਖ ਤਰੀਕਾ ਅਪਣਾਵੇ ਤੇ ਪੀਟੀਸੀ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਵੇਗਾ। ਬਾਦਲ ਨੇ ਕਿਹਾ ਕਿ ਇਹ ਮਾਮਲਾ ਹੁਣ ਐੱਸਜੀਪੀਸੀ ਨੇ ਦੇਖਣਾ ਹੈ ਕਿ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨਾ ਹੈ ਜਾਂ ਟੈਂਡਰ ਪ੍ਰਕਿਰਿਆ ਅਪਨਾਉਣੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਪੀਟੀਸੀ ਨੂੰ ਪ੍ਰਸਾਰਨ ਜਾਰੀ ਰੱਖਣ ਦੀ ਅਪੀਲ

ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਜੁਲਾਈ
ਸ਼੍ਰੋਮਣੀ ਕਮੇਟੀ ਨੇ ਆਪਣਾ ਸੈਟੇਲਾਈਟ ਚੈਨਲ ਸਥਾਪਿਤ ਹੋਣ ਤੱਕ ਮੁੜ ਪੀਟੀਸੀ ਚੈਨਲ ਨੂੰ ਗੁਰਬਾਣੀ ਦੇ ਕੀਰਤਨ ਦਾ ਪ੍ਰਸਾਰਣ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ 24 ਜੁਲਾਈ ਨੂੰ ਆਪਣਾ ਵੈੱਬ ਚੈਨਲ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਅੱਜ ਅਖੰਡ ਪਾਠ ਆਰੰਭ ਕੀਤਾ ਗਿਆ।
ਅੱਜ ਅਚਨਚੇਤੀ ਵਾਪਰੇ ਘਟਨਾਕ੍ਰਮ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਇਹ ਫੈਸਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਇਸ ਸਬੰਧੀ ਕੀਤੇ ਗਏ ਆਦੇਸ਼ ਤੋਂ ਬਾਅਦ ਕੀਤਾ ਗਿਆ। ਇਸ ਤੋਂ ਪਹਿਲਾਂ ਪਿਛਲੇ ਵਰ੍ਹੇ ਮਾਰਚ ਮਹੀਨੇ ਵਿਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਨਿੱਜੀ ਚੈਨਲ ਨਾਲ ਸਮਝੌਤਾ ਸਮਾਪਤ ਕਰਕੇ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਅਤੇ ਇਸ ਦਾ ਪ੍ਰਬੰਧ ਹੋਣ ਤੱਕ ਯੂਟਿਊਬ ਚੈਨਲ ਰਾਹੀਂ ਗੁਰਬਾਣੀ ਦਾ ਪ੍ਰਸਾਰਨ ਕਰਨ ਦਾ ਆਦੇਸ਼ ਦਿੱਤਾ ਸੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੇ ਨਾਲ-ਨਾਲ ਆਪਣਾ ਸੈਟੇਲਾਈਟ ਚੈਨਲ ਸਥਾਪਤ ਹੋਣ ਤੱਕ ਪੀਟੀਸੀ ਚੈਨਲ ਦੇ ਪ੍ਰਬੰਧਕਾਂ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 23 ਜੁਲਾਈ ਨੂੰ ਪੀਟੀਸੀ ਚੈਨਲ ਦਾ ਇਕਰਾਰਨਾਮਾ ਖ਼ਤਮ ਹੋ ਰਿਹਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ/ਵੈੱਬ ਚੈਨਲ ’ਤੇ 24 ਜੁਲਾਈ ਤੋਂ ਗੁਰਬਾਣੀ ਪ੍ਰਸਾਰਣ ਦੀ ਸੇਵਾ ਸ਼ੁਰੂ ਕੀਤੀ ਜਾਵੇਗੀ, ਪਰ ਸੰਗਤਾਂ ਵੱਲੋਂ ਕੀਤੀ ਜਾ ਰਹੀ ਮੰਗ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸਥਾਪਤ ਕਰਨ ਤੱਕ ਕਿਸੇ ਚੈਨਲ ਰਾਹੀਂ ਪ੍ਰਸਾਰਣ ਸੇਵਾ ਜਾਰੀ ਰੱਖਣ ਦਾ ਆਦੇਸ਼ ਕੀਤਾ ਹੈ। ਜਿਸ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਾਇ ਮਸ਼ਵਰਾ ਕਰਕੇ ਫਿਲਹਾਲ ਪੀਟੀਸੀ ਨੂੰ ਪ੍ਰਸਾਰਣ ਸੇਵਾ ਜਾਰੀ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਵੈੱਬ ਚੈਨਲ ਦੇ ਨਾਲ-ਨਾਲ ਸੈਟੇਲਾਈਟ ਚੈਨਲ ਜਲਦ ਸਥਾਪਤ ਕਰਨ ਲਈ ਵੀ ਯਤਨ ਕਰ ਰਹੀ ਹੈ। ਇਸ ਬਾਰੇ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਵਫ਼ਦ ਨੂੰ ਸਮਾਂ ਦੇਣ ਲਈ ਅਪੀਲ ਕੀਤੀ ਗਈ ਹੈ, ਤਾਂ ਜੋ ਲੋੜੀਂਦੀ ਕਾਰਵਾਈ ਆਰੰਭੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ 24 ਜੁਲਾਈ ਨੂੰ ਆਪਣੇ ਯੂਟਿਊਬ/ਵੈੱਬ ਚੈਨਲ ਰਾਹੀਂ ਅੰਮ੍ਰਿਤ ਵੇਲੇ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰੇਗੀ, ਜਿਸ ਸਬੰਧ ਵਿਚ 23 ਜੁਲਾਈ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਸੰਬਧੀ ਅੱਜ ਅਖੰਡ ਪਾਠ ਅਰੰਭ ਕੀਤੇ ਗਏ ਹਨ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਕ ਬਿਆਨ ਰਾਹੀਂ ਕਿਹਾ ਕਿ ਸੰਗਤਾਂ ਮੰਗ ਕਰ ਰਹੀਆਂ ਸਨ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਆਰੰਭ ਕਰੇ। ਇਸੇ ਦਿਸ਼ਾ ਵਿਚ ਪਿਛਲੇ ਦਨਿੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ, ਪਰ ਸੰਗਤ ਵੱਲੋਂ ਫੋਨ ਅਤੇ ਸੋਸ਼ਲ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਯੂ-ਟਿਊਬ ਰਾਹੀਂ ਸਾਰੀਆਂ ਸੰਗਤਾਂ ਦਰਸ਼ਨ ਦੀਦਾਰ ਅਤੇ ਕੀਰਤਨ ਸਰਵਣ ਨਹੀਂ ਕਰ ਸਕਣਗੀਆਂ ਕਿਉਂਕਿ ਸਭ ਜਗਾ ਇੰਟਰਨੈੱਟ ਦੀ ਸਹੂਲਤ ਨਹੀਂ ਹੈ। ਬਹੁਤ ਸਾਰੀ ਸੰਗਤ ਅਜਿਹੀ ਹੈ ਜਿਸ ਕੋਲ ਨਾ ਤਾਂ ਸਮਾਰਟ ਫੋਨ ਹੈ ਅਤੇ ਨਾ ਹੀ ਸਮਾਰਟ ਟੀਵੀ। ਜਿਸ ਕਰਕੇ ਬਹੁਤਾਤ ਦਰਸ਼ਨ, ਕੀਰਤਨ ਅਤੇ ਗੁਰਬਾਣੀ ਦਾ ਪਾਠ ਆਦਿ ਤੋਂ ਵਾਂਝੀਆਂ ਰਹਿ ਜਾਣਗੀਆਂ। ਇਸ ਲਈ ਸ੍ਰੀ ਅਕਾਲ ਤਖਤ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਯੂ-ਟਿਊਬ ਚੈਨਲ ਦੇ ਨਾਲ-ਨਾਲ ਕਿਸੇ ਚੈਨਲ ਰਾਹੀਂ ਵੀ ਸ੍ਰੀ ਹਰਿਮੰਦਰ ਸਾਹਿਬ ਤੋਂ ਨਿਰਵਿਘਨ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹੇ।

Advertisement

ਐੱਸਜੀਪੀਸੀ ਨੇ ਬਾਦਲ ਪਰਿਵਾਰ ਦੇ ਹਿੱਤ ਪੂਰੇ: ‘ਆਪ’

ਚੰਡੀਗੜ੍ਹ (ਟਨਸ): ਆਮ ਆਦਮੀ ਪਾਰਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਮੁੜ ਤੋਂ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦੇਣ ਦੀ ਕੀਤੀ ਗਈ ਸਿਫ਼ਾਰਸ਼ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 23 ਜੁਲਾਈ ਤੋਂ ਆਪਣਾ ਯੂ-ਟਿਊਬ ਚੈਨਲ ਖੋਲ੍ਹਣ ਦੇ ਫ਼ੈਸਲੇ ਦੇ ਬਾਵਜੂਦ ਮੁੜ ਬਾਦਲ ਪਰਿਵਾਰ ਦੀ ਮਲਕੀਅਤ ਵਾਲੇ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ। ਕੰਗ ਨੇ ਐੱਸਜੀਪੀਸੀ ’ਤੇ ਸਵਾਲ ਉਠਾਇਆ ਕਿ ਆਖ਼ਰ ਕੀ ਮਜਬੂਰੀ ਹੋ ਗਈ ਹੈ ਕਿ ਉਹ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਵਾਰ-ਵਾਰ ਪੀਟੀਸੀ ਨੂੰ ਦੇ ਰਹੀ ਹੈ? ਕੀ ਐੱਸਜੀਪੀਸੀ ਨੇ ਬਾਦਲ ਪਰਿਵਾਰ ਦੇ ਹਿੱਤਾਂ ਦੀ ਰਾਖੀ ਲਈ ਇਹ ਫ਼ੈਸਲਾ ਲਿਆ ਹੈ? ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਪ੍ਰਸਾਰਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਨੂੰ ਦੇਵੇ, ਸਰਕਾਰ 24 ਘੰਟਿਆਂ ਦੇ ਅੰਦਰ ਸਾਰੇ ਪ੍ਰਬੰਧ ਕਰਕੇ ਸਾਰਾ ਖਰਚਾ ਚੁੱਕੇਗੀ। ਕੰਗ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਫ਼ੈਸਲਾ ਪੂਰੀ ਤਰ੍ਹਾਂ ਇਕਪਾਸੜ ਅਤੇ ਬੇਇਨਸਾਫ਼ੀ ਵਾਲਾ ਹੈ। ਸ਼੍ਰੋਮਣੀ ਕਮੇਟੀ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਢੁੱਕਵਾਂ ਫ਼ੈਸਲਾ ਲੈਣਾ ਚਾਹੀਦਾ ਸੀ। ਜਦੋਂ ਤੱਕ ਉਸ ਦਾ ਆਪਣਾ ਸੈਟੇਲਾਈਟ ਚੈਨਲ ਸਥਾਪਿਤ ਨਹੀਂ ਹੋ ਜਾਂਦਾ, ਉਸ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਾਰੇ ਚੈਨਲਾਂ ਨੂੰ ਦੇਣਾ ਚਾਹੀਦਾ ਸੀ।

Advertisement
Advertisement