For the best experience, open
https://m.punjabitribuneonline.com
on your mobile browser.
Advertisement

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੀਮਾ ਨੇ ਚੋਣ ਮੁਹਿੰਮ ਵਿੱਢੀ

06:42 AM Apr 17, 2024 IST
ਗੁਰਦਾਸਪੁਰ  ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੀਮਾ ਨੇ ਚੋਣ ਮੁਹਿੰਮ ਵਿੱਢੀ
ਨੌਸ਼ਹਿਰਾ ਮੱਝਾ ਸਿੰਘ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ।
Advertisement

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 16 ਅਪਰੈਲ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਅੱਜ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿੱਚ ਚੋਣ ਰੈਲੀ ਕਰ ਕੇ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਡਾ. ਦਲਜੀਤ ਸਿੰਘ ਚੀਮਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਮੌਕੇ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਆਉਂਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਸ਼ਾਮਲ ਹੋਈ।
ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਉਨ੍ਹਾਂ ਆਪਣਾ ਰਾਜਨੀਤਕ ਜੀਵਨ ਗੁਰਦਾਸਪੁਰ ਜ਼ਿਲ੍ਹੇ ਤੋਂ ਸ਼ੁਰੂ ਕੀਤਾ ਸੀ। ਉਨ੍ਹਾਂ ਦਾ ਮੁੱਖ ਏਜੰਡਾ ਸਰਹੱਦੀ ਹਲਕੇ ਗੁਰਦਾਸਪੁਰ ਦਾ ਸਰਬਪੱਖੀ ਵਿਕਾਸ ਕਰਨਾ ਤੇ ਬਟਾਲਾ ਦੀ ਖ਼ਤਮ ਹੋ ਚੁੱਕੀ ਲੋਹਾ ਸਨਅਤ ਨੂੰ ਮੁੜ ਸੁਰਜੀਤ ਕਰਨਾ ਹੋਵੇਗਾ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਇਹ ਲੋਕ ਸਭਾ ਚੋਣ ਪੰਜਾਬ ਦੀ ਅਣਖ ਦੀ ਲੜਾਈ ਹੈ। ਇਕ ਪਾਸੇ ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੇ ਵਪਾਰ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਚਾਉਣ ਦਾ ਮਸਲਾ ਹੈ, ਉੱਥੇ ਹੀ ਦਿੱਲੀ ਤੋਂ ਪੰਜਾਬ ਨੂੰ ਰਿਮੋਟ ਨਾਲ ਚਲਾਉਣ ਵਾਲੀ ਆਮ ਆਦਮੀ ਪਾਰਟੀ ਦੇ ਹੰਕਾਰ ਨੂੰ ਤੋੜਨਾ ਵੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦੇ ਸਿੱਖਾਂ ਉੱਤੇ ਕੀਤੇ ਜਬਰ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਪੈਰਾਸ਼ੂਟ ਰਾਹੀਂ ਆਏ ਲੋਕ ਸਭਾ ਮੈਂਬਰਾਂ ਨੇ ਜਿੱਤਣ ਤੋਂ ਬਾਅਦ ਕਦੇ ਵੀ ਹਲਕੇ ਵਿੱਚ ਆਪਣਾ ਮੂੰਹ ਨਹੀਂ ਦਿਖਾਇਆ। ਇਸ ਮੌਕੇ ਵਿਧਾਨ ਸਭਾ ਗੁਰਦਾਸਪੁਰ ਦੇ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਆਦਿ ਸ਼ਾਮਲ ਸਨ।

Advertisement

ਲੋਕ ਸਭਾ ਚੋਣਾਂ ਵਿੱਚ ‘ਆਪ’ ਦਾ ਝਾੜੂ ਖਿੱਲਰ ਜਾਵੇਗਾ: ਚੀਮਾ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਚੋਣਾਂ ਵਾਸਤੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਹੈ। ਉਹ ਆਪਣੀ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਘਰ ਦਾ ਆਸ਼ੀਰਵਾਦ ਲੈਣ ਵਾਸਤੇ ਇੱਥੇ ਪੁੱਜੇ ਸਨ। ਡਾ. ਚੀਮਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਵੀ ਹਨ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ ਮੈਂਬਰ ਅਤੇ ਅਕਾਲੀ ਆਗੂ ਵੀ ਹਾਜ਼ਰ ਸਨ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਆਮ ਆਦਮੀ ਪਾਰਟੀ ਦਾ ਝਾੜੂ ਖਿੱਲਰ ਜਾਵੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਾਸਤੇ ਇਸ ਵੇਲੇ ਕਿਸਾਨਾਂ ਦਾ ਮੁੱਦਾ ਅਤੇ ਬੰਦੀ ਸਿੱਖਾਂ ਦੀ ਰਿਹਾਈ ਮੁੱਖ ਮੁੱਦੇ ਹਨ। ਕਿਸਾਨਾਂ ਦੇ ਮੁੱਦੇ ’ਤੇ ਹੀ ਭਾਜਪਾ ਨਾਲ ਤੋੜ ਵਿਛੋੜਾ ਹੋਇਆ ਸੀ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸੇ ਕਰ ਕੇ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਇਸੇ ਲਈ ਅੱਜ ਵੀ ਕਿਸਾਨ ਦੀਆਂ ਮੰਗਾਂ ਪਾਰਟੀ ਵਾਸਤੇ ਤਰਜੀਹੀ ਮੁੱਦਾ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਹੋਰਨਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।

Advertisement
Author Image

sukhwinder singh

View all posts

Advertisement
Advertisement
×