ਗੁਰਦੀਪ ਰੰਧਾਵਾ ਵੱਡੀ ਲੀਡ ਨਾਲ ਜਿੱਤੇਗਾ: ਧਾਲੀਵਾਲ
ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ, 11 ਨਵੰਬਰ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਮੀਟਿੰਗਾਂ ਲਗਾਤਾਰ ਜਾਰੀ ਹਨ| ਅੱਜ ਵੀ ਹਲਕੇ ਦੇ ਪਿੰਡਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ 20 ਨਵੰਬਰ ਨੂੰ ਗੁਰਦੀਪ ਸਿੰਘ ਰੰਧਾਵਾ ਨੂੰ ਲੋਕ ਇੱਥੋਂ 30 ਹਜ਼ਾਰ ਦੀ ਲੀਡ ਨਾਲ ਜਿਤਾਉਣਗੇ | ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜੇ ਗਏ ਕਾਨੂੰਨੀ ਨੋਟਿਸ ਬਾਰੇ ਜਵਾਬ ਦਿੰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਅਸੀਂ ਅਜਿਹੇ ਨੋਟਿਸਾਂ ਤੋਂ ਡਰਨ ਵਾਲੇ ਨਹੀਂ| ਉਨ੍ਹਾਂ ਕਿਹਾ ਕਿ 20 ਨਵੰਬਰ ਮਗਰੋਂ ਸੁਖਜਿੰਦਰ ਸਿੰਘ ਰੰਧਾਵਾ ਦੀ ਬੋਲੀ ਬਦਲ ਜਾਵੇਗੀ| ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ‘ਆਪ’ ਦੀ ਜਿੱਤ ਤੈਅ ਹੈ| ਇਸ ਮੌਕੇ ਗੁਰਦੀਪ ਸਿੰਘ ਰੰਧਾਵਾ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਤੋਂ ਉਨ੍ਹਾਂ ਨੂੰ ਪੂਰਾ ਪਿਆਰ ਮਿਲ ਰਿਹਾ ਹੈ ਅਤੇ ਲੋਕ ਉਨ੍ਹਾਂ ਨੂੰ ਇਸ ਵਾਰ ਜਿਤਾਉਣ ਲਈ ਉਤਾਵਲੇ ਹਨ| ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਬੁਖ਼ਲਾਹਟ ਵਿੱਚ ਆ ਕੇ ਤਲਖ਼ ਟਿੱਪਣੀਆਂ ਕੀਤੀਆਂ ਜਾ ਰਹੀ ਹਨ ਜਿਸ ਦਾ ਲੋਕਾਂ ਤੇ ਜਾਂ ਫਿਰ ਉਨ੍ਹਾਂ ’ਤੇ ਕੋਈ ਵੀ ਅਸਰ ਨਹੀਂ ਹੋਵੇਗਾ|