For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਸੋਧ ਬਿੱਲ: ਸ਼ਾਹ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

10:48 AM Jun 28, 2023 IST
ਗੁਰਦੁਆਰਾ ਸੋਧ ਬਿੱਲ  ਸ਼ਾਹ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ
ਅਮਿਤ ਸ਼ਾਹ
Advertisement

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 27 ਜੂਨ

ਸ਼੍ਰੋਮਣੀ ਕਮੇਟੀ ਦਾ ਇਕ ਵਫਦ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ। ਇਹ ਸਿੱਖ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਰੱਦ ਕੀਤੇ ਗਏ ਮਤੇ ਦੀ ਸਮੁੱਚੀ ਕਾਰਵਾਈ ਬਾਰੇ ਜਾਣੂ ਕਰਵਾਏਗਾ।

ਸ਼੍ਰੋਮਣੀ ਕਮੇਟੀ ਨੇ ਸੋਮਵਾਰ ਨੂੰ ਜਨਰਲ ਹਾਊਸ ਦਾ ਵਿਸ਼ੇਸ਼ ਇਜਲਾਸ ਸੱਦਿਆ ਸੀ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ ਨੂੰ ਜਨਰਲ ਹਾਊਸ ਨੇ ਮੁੱਢੋਂ ਰੱਦ ਕਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਨੇ ਜਨਰਲ ਹਾਊਸ ਦੀ ਇਸ ਸਮੁੱਚੀ ਕਾਰਵਾਈ ਅਤੇ ਰੱਦ ਕੀਤੇ ਗਏ ਮਤੇ ਨੂੰ ਦਸਤਾਵੇਜ਼ੀ ਕਾਰਵਾਈ ਦੇ ਰੂਪ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਸਬੰਧ ਵਿਚ ਮੁਲਾਕਾਤ ਵਾਸਤੇ ਸਮਾਂ ਲੈਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਬੀਤੇ ਦਿਨਾਂ ਵਿਚ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕਰਨਾ ਚਾਹੁੰਦੀ ਹੈ ਅਤੇ ਬਾਅਦ ਵਿਚ ਇਸ ਸਬੰਧੀ ਮੁਲਾਕਾਤ ਲਈ ਵੀ ਯਤਨ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪੰਜਾਬ ਦੇ ਰਾਜਪਾਲ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ। ਸ਼੍ਰੋਮਣੀ ਕਮੇਟੀ ਨੇ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਨੂੰ ਮਨਜ਼ੂਰੀ ਨਾ ਦਿੱਤੀ ਜਾਵੇ।

ਗੌਰਤਲਬ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਚ ਗੁਰਦੁਆਰਾ ਸੋਧ ਬਿੱਲ ਪਾਸ ਕੀਤਾ ਸੀ, ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਹਰੇਕ ਚੈਨਲ ਨੂੰ ਹੱਕ ਦੇਣ ਦੀ ਤਜਵੀਜ਼ ਸ਼ਾਮਲ ਹੈ। ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਨੇ ਸਰਕਾਰ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੋਵੇਂ ਆਹਮੋ-ਸਾਹਮਣੇ ਹਨ। ਮੁੱਖ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਚਾਲੇ ਸੋਸ਼ਲ ਮੀਡੀਆ ’ਤੇ ਸ਼ਬਦੀ ਜੰਗ ਵੀ ਜਾਰੀ ਹੈ।

ਯੂਟਿਊਬ ਚੈਨਲ ਰਾਹੀਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੀ ਤਜਵੀਜ਼

ਵੇਰਵਿਆਂ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਫਿਲਹਾਲ ਆਪਣੇ ਇੱਕ ਯੂ-ਟਿਊਬ ਚੈਨਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਸ਼ੁਰੂ ਕਰਨ ਦੀ ਤਜਵੀਜ਼ ਹੈ। ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਣ ਜੁਲਾਈ ਮਹੀਨੇ ਵਿੱਚ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ, ਜੋ ਇਸ ਸਬੰਧੀ ਮੁੱਢਲੀਆਂ ਤਿਆਰੀਆਂ ਬਾਰੇ ਲਗਾਤਾਰ ਵਿਚਾਰ-ਚਰਚਾ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਇਸ ਚੈਨਲ ’ਤੇ ਫਿਲਹਾਲ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਇੱਕ ਨਿੱਜੀ ਟੀਵੀ ਚੈਨਲ ਵੱਲੋਂ ਕੀਤਾ ਜਾ ਰਿਹਾ ਸੀ, ਜਿਸ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਸਮਝੌਤਾ ਕੀਤਾ ਹੋਇਆ ਸੀ, ਜੋ ਜੁਲਾਈ ਮਹੀਨੇ ਵਿੱਚ ਖਤਮ ਹੋ ਰਿਹਾ ਹੈ।

Advertisement
Tags :
Author Image

sukhwinder singh

View all posts

Advertisement
Advertisement
×