ਗੁਰਦੁਆਰਾ ਚੋਣਾਂ: ਬੀਕੇਯੂ (ਕਾਦੀਆਂ) ਵੱਲੋਂ ਕਿਸਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਨਵੰਬਰ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਕੌਮ ਅਤੇ ਖ਼ਾਸ ਕਰਕੇ ਕਿਸਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਹੈ।
ਅੱਜ ਗੁਰਦੁਆਰਾ ਹਾਊਸਿੰਗ ਬੋਰਡ ਭਾਈ ਰਣਧੀਰ ਸਿੰਘ ਨਗਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਇਨ੍ਹਾਂ ਚੋਣਾਂ ਵਿੱਚ ਸਰਗਰਮ ਭੂਮਿਕਾ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣ ਰਹੀਆਂ ਹਨ ਅਤੇ ਜਥੇਬੰਦੀ ਦੇ ਮੈਂਬਰਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਅੱਗੇ ਜਾ ਕੇ ਇਹ ਸਿੱਖ ਪੰਥ ਲਈ ਮੀਲ ਦਾ ਪੱਥਰ ਸਿੱਧ ਹੋਣ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਇਨ੍ਹਾਂ ਚੋਣਾਂ ਵਿੱਚ ਹਿੱਸਾ ਪਾਉਣ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 26, 27 ਅਤੇ 28 ਨਵੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਜਥੇਬੰਦੀ ਦੇ ਹਜ਼ਾਰਾਂ ਕਿਸਾਨ ਪੰਜਾਬ ਭਰ ਵਿੱਚੋਂ ਚੰਡੀਗੜ੍ਹ ਪੁੱਜਣਗੇ ਅਤੇ ਪੰਜਾਬ ਦੇ ਰਾਜਪਾਲ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸਬੰਧੀ ਮੰਗ-ਪੱਤਰ ਦੇਣਗੇ। ਉਨ੍ਹਾਂ ਪੰਜਾਬ ਦੀ ਨਿੱਤ ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਪਿੰਡ ਨੂਰਵਾਲਾ ਤੋਂ ਫਿਰੌਤੀ ਲਈ ਇੱਕ ਵਪਾਰੀ ਨੂੰ ਅਗਵਾ ਕਰਕੇ ਗੋਲੀ ਮਾਰਨ ਦੀ ਨਿੰਦਾ ਕੀਤੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਬਹੁਤ ਹੀ ਗੰਭੀਰਤਾ ਨਾਲ ਸੰਭਾਲਣ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਉਚਿੱਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦੇਣ।