ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਸਤਪਾਲ ਰਾਮਗੜ੍ਹੀਆ
ਪਿਹੋਵਾ, 5 ਦਸੰਬਰ
ਇੱਥੋਂ ਦੀ ਅਨਾਜ ਮੰਡੀ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਤਖ਼ਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ, ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਸਮਾਗਮ ਦੌਰਾਨ ਹਰਿਆਣਾ ਦੇ ਰਾਜ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਪੂਰੀ ਦੁਨੀਆਂ ਨੂੰ ਮਨੁੱਖਤਾ ਦੀ ਸੇਵਾ ਕਰਨ ਅਤੇ ਪਰਮਾਤਮਾ ਦਾ ਨਾਮ ਜਪਣ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਫਲਸਫੇ ’ਤੇ ਚੱਲ ਕੇ ਮਨੁੱਖ ਹਮੇਸ਼ਾ ਤਰੱਕੀ ਦੇ ਰਾਹ ’ਤੇ ਅੱਗੇ ਵਧ ਸਕਦਾ ਹੈ। ਰਾਜ ਮੰਤਰੀ ਸੰਦੀਪ ਸਿੰਘ ਨੇ ਅਨਾਜ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਪ੍ਰਬੰਧਕ ਵਜੋਂ ਬੋਲਦਿਆਂ ਕਿਹਾ ਕਿ ਇਹ ਸਮਾਗਮ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਪ੍ਰਾਪਤੀਆਂ ਅਤੇ ਵਿਰਾਸਤ ਦਾ ਸਨਮਾਨ ਕਰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਸਮਾਜ ਨੂੰ ਇਕਜੁੱਟ ਕਰਨ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਾਰੇ ਧਰਮਾਂ ਅਤੇ ਸੰਪਰਦਾਵਾਂ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਡੇਰਾ ਉਦਾਸੀਨ ਅਖਾੜਾ ਮੰਡੀ ਸਾਹਿਬ ਦੇ ਮੁਖੀ ਸੰਤ ਬਾਬਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਜੀਵਨ ਵਿੱਚ ਪ੍ਰਮਾਤਮਾ ਦਾ ਨਾਮ ਅਤੇ ਸਿਮਰਨ ਹੀ ਜੀਵਨ ਦੇ ਸਮੁੰਦਰ ਤੋਂ ਪਾਰ ਲੰਘਾ ਸਕਦਾ ਹੈ। ਇਸ ਮੌਕੇ ਰਾਜ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਪਿਹੋਵਾ ਦੇ ਨਿਰਮਾਣ ਅਧੀਨ ਡਰੇਨ ਦੇ ਪੁਲ ਨੇੜੇ ਖੰਡਾ ਚੌਕ ਬਣਾਇਆ ਜਾਵੇਗਾ, ਜਿਸ ਦੇ ਨਿਰਮਾਣ ਅਤੇ ਸੁੰਦਰੀਕਰਨ ਲਈ ਰਾਜ ਮੰਤਰੀ ਨੇ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਨਵਰੀ 2024 ਵਿੱਚ ਪਿਹੋਵਾ ਵਿੱਚ ਇੱਕ ਵਿਸ਼ਾਲ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਪਾਕਿਸਤਾਨ ਨਨਕਾਣਾ ਸਾਹਿਬ ਗੁਰਦੁਆਰੇ ਜਾਣ ਦੇ ਚਾਹਵਾਨ ਵਿਅਕਤੀਆਂ ਨੂੰ ਵੀਜ਼ਾ ਲਈ ਕਾਗਜ਼ੀ ਕਾਰਵਾਈ ਅਤੇ ਆਨਲਾਈਨ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕੀਤੀ ਜਾਵੇਗੀ। ਇਸ ਮੌਕੇ ਐਸਡੀਐਮ ਸੋਨੂੰ ਰਾਮ, ਡੀਐਸਪੀ ਰਜਤ ਗੁਲੀਆ ਤੋਂ ਇਲਾਵਾ ਰਾਜ ਮੰਤਰੀ ਸੰਦੀਪ ਸਿੰਘ ਦੇ ਭਰਾ ਬਿਕਰਮਜੀਤ ਸਿੰਘ, ਨਗਰ ਕੌਂਸਲ ਦੇ ਚੇਅਰਮੈਨ ਅਸ਼ੀਸ਼ ਚੱਕਰਪਾਣੀ ਤੇ ਰਾਮਕਿਸ਼ਨ ਦੂਆ ਤੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।