ਗੁਰੂ ਗ੍ਰੰਥ ਸਾਹਿਬ ਦਾ ਗੁਰਤਾ ਗੁਰਗੱਦੀ ਪੁਰਬ ਸ਼ਰਧਾ ਨਾਲ ਮਨਾਇਆ
ਐੱਸਏਐੱਸ ਨਗਰ(ਮੁਹਾਲੀ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਤਾ ਗੁਰਗੱਦੀ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਗੁਰਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਤਾ ਗੁਰਗੱਦੀ ਦੇਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਬੀਬੀ ਉੱਤਮਜੀਤ ਕੌਰ ਦੇ ਜਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਭਾਈ ਮਨਦੀਪ ਸਿੰਘ ਦਮਦਮੀ ਟਕਸਾਲ ਨੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਜਾਣੂ ਕਰਵਾਇਆ। ਇਸ ਮੌਕੇ ਭਗੜਾਨੇ ਵਾਲਿਆਂ ਦੇ ਕਵੀਸ਼ਰੀ ਜਥਾ, ਭਾਈ ਗੁਰਸੇਵਕ ਸਿੰਘ, ਭਾਈ ਹਰਵਿੰਦਰ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਸਰੂਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ। -ਪੱਤਰ ਪ੍ਰੇਰਕ