ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ
ਪੱਤਰ ਪ੍ਰੇਰਕ
ਨਰਾਇਣਗੜ੍ਹ, 10 ਜੂਨ
ਗੁਰਦੁਆਰਾ ਸ੍ਰੀ ਸਿੰਘ ਸਭਾ ਨਰਾਇਣਗੜ੍ਹ ਵਿਖੇ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਕਥਾ ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਪੰਚਮ ਪਾਤਸ਼ਾਹ ਦੀ ਸ਼ਹਾਦਤ ’ਤੇ ਚਾਨਣਾ ਪਾਉਂਦਿਆਂ ਗੁਰਦੁਆਰੇ ਦੇ ਸਕੱਤਰ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਦੇ ਲੜ ਲੱਗਣ ਦੀ ਕੀਤੀ ਅਪੀਲ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕਰਕੇ ਤੇ ਸ੍ਰੀ ਦਰਬਾਰ ਸਾਹਿਬ ਦੀ ਸਥਾਪਨਾ ਕਰਵਾ ਕੇ ਸਿੱਖ ਕੌਮ ਨੂੰ ਵੱਡੀ ਬਖਸ਼ਿਸ਼ ਦਿੱਤੀ। ਉਨ੍ਹਾਂ ਗੁਰੂ ਦੀ ਸ਼ਹਾਦਤ ਬਾਰੇ ਵੀ ਚਾਨਣਾ ਪਾਇਆ। ਇਸੇ ਦੌਰਾਨ ਪੱਛਮੀ ਦਿੱਲੀ ਦੇ ਗੁਰਦੁਆਰਾ ਰਾਜੌਰੀ ਗਾਰਡਨ ਵਿਚ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਚੱਲਦੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਅੱਜ ਸਮਾਪਤ ਹੋ ਗਈ। ਉਪਰੰਤ ਗੁਰਦੁਆਰੇ ਦੇ ਮੁੱਖ ਗੇਟ ’ਤੇ ਠੰਢੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ| ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਗੁਰੂ ਦੀ ਸ਼ਹੀਦੀ ਬਾਰੇ ਚਾਨਣਾ ਪਾਇਆ।
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਮਾਤਾ ਰੁਕਮਣੀ ਰਾਏ ਆਰੀਆ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ ਵੱਲੋਂ ਛਬੀਲ ਲਾ ਕੇ ਗੁਰੂ ਅਰਜਨ ਦੇਵ ਜੀ ਦਾ ਸ਼ਹਾਦਤ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ। ਛਬੀਲ ਸਕੂਲ ਦੀ ਪ੍ਰਬੰਧਕ ਸਮਿਤੀ , ਮੈਂਬਰ ਮਹਿੰਦਰ ਕੰਸਲ ਤੇ ਪ੍ਰਿੰਸੀਪਲ ਬੀਬੀਨਦੀਪ ਕੌਰ ਦੇ ਸਹਿਯੋਗ ਨਾਲ ਲਾਈ ਗਈ। ਪ੍ਰਿੰਸੀਪਲ ਬੀਬਨਦੀਪ ਕੌਰ ਨੇ ਛਬੀਲ ਦੀ ਅਰੰਭਤਾ ਕਰਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ।