ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

04:05 AM Jan 07, 2025 IST
ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ ਸਜਾਏ ਗਏ ਜਲੌਅ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜਨਵਰੀ
ਸੱਚਖੰਡ ਹਰਿਮੰਦਰ ਸਾਹਿਬ ਵਿੱਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋਣ ਦੀ ਅਪੀਲ ਕੀਤੀ। ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਬਾਵਜੂਦ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸੰਗਤਾਂ ਇੱਥੇ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸੇ ਦੌਰਾਨ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਉਪਦੇਸ਼ਾਂ ਅਨੁਸਾਰ ਅੰਮ੍ਰਿਤਧਾਰੀ ਹੋਣ ਦੀ ਪ੍ਰੇਰਨਾ ਕੀਤੀ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਮੂਹ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਦੀਪਮਾਲਾ ਕੀਤੀ ਗਈ।

Advertisement

ਪਾਕਿਸਤਾਨ ਵਿੱਚ ਪੰਜ ਨੂੰ ਮਨਾਇਆ ਗਿਆ ਸੀ ਪ੍ਰਕਾਸ਼ ਪੁਰਬ

ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚਲਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਪਾਕਿਸਤਾਨ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਇਆ ਗਿਆ ਹੈ। 2010 ਤੋਂ ਚੱਲ ਰਹੇ ਕੈਲੰਡਰ ਵਿਵਾਦ ਕਾਰਨ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵ ਵਿੱਚ ਦੋ ਵੱਖ-ਵੱਖ ਤਰੀਕਾਂ ਨੂੰ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਗਈ ਹੈ, ਜਿਸ ਵਿੱਚ ਹਰ ਸਾਲ ਗੁਰੂ ਸਾਹਿਬ ਦੇ ਜਨਮ ਦਿਵਸ ਦੀ ਮਿਤੀ ਅੱਗੇ ਪਿੱਛੇ ਬਦਲ ਜਾਂਦੀ ਹੈ ਅਤੇ ਕਿਸੇ ਸਾਲ ਇਹ ਗੁਰਪੁਰਬ ਦੋ ਵਾਰ ਤੇ ਕਿਸੇ ਸਾਲ ਇੱਕ ਵਾਰ ਵੀ ਨਹੀਂ ਆਉਂਦਾ।

Advertisement
Advertisement