ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਜਨਵਰੀ
ਇੱਥੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਸਰੀ ਦਸਤਾਰ ਸਜਾ ਕੇ ਨਤਮਸਤਕ ਹੋਏ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਕਮੇਟੀ ਦੇ ਹੋਰ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਸਮੁੱਚੇ ਜਗਤ ਵਿਚ ਅੱਜ ਸਿੱਖ ਸੰਗਤਾਂ ਸਰਬੰਸਦਾਨੀ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਵੀ ਇਹ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਤੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਿਆਂ ਵਿਚ ਗੁਰਮਤਿ ਸਮਾਗਮ ਹੋ ਰਹੇ ਹਨ ਤੇ ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿੱਚ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐੱਨਡੀਏ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਵਾਸਤੇ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਹੋਇਆ ਜਿਸ, ਦੀ ਬਦੌਲਤ ਸੱਜਣ ਕੁਮਾਰ ਤੇ ਹੋਰ ਦੋਸ਼ੀ ਅੱਜ ਸਲਾਖਾਂ ਪਿੱਛੇ ਹਨ ਤੇ ਜਗਦੀਸ਼ ਟਾਈਟਲਰ ਤੇ ਕਮਲਨਾਥ ਸਣੇ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਚਲ ਰਹੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਬਾਕੀ ਮੁਲਜ਼ਮ ਵੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਇਸ ਮੌਕੇ ਕਾਲਕਾ ਤੇ ਕਾਹਲੋਂ ਨੇ ਮੰਗ ਕੀਤੀ ਕਿ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾਵੇ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਨੋਇਡਾ ਵਿੱਚ ਨਵੇਂ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਵੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਛੇਤੀ ਫੈਸਲਾ ਲਵੇ ਅਤੇ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਦਿੱਲੀ ਵਿਚ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇ।
ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਇੱਥੇ ਗੁਰਦੁਆਰਾ ਸ੍ਰੀ ਮੰਡੋਖਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਚ ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਕੀਤਰਨ ਦਰਬਾਰ ਸਜਾਇਆ ਗਿਆ। ਇਸ ਮੌਕੇ ਰਾਗੀ ਤੇ ਢਾਡੀ ਜਥਿਆਂ ਨੇ ਰੱਬੀ ਬਾਣੀ ਦਾ ਗੁਨਗਾਨ ਕੀਤਾ। ਇਸ ਮੌਕੇਸ਼ਿਕਾਗੋ ਅਮਰੀਕਾ ਤੋਂ ਆਏ ਅਮਰਿੰਦਰ ਸਿੰਘ ਨੇ ਵਿਸੇਸ਼ ਸੇਵਾ ਕੀਤੀ ਤੇ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਤੇਜਿੰਦਰ ਪਾਲ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਮਸਾਣਾ, ਗੁਰਤੇਜ ਸਿੰਘ ਸੇਖੋਂ ਜਰਨੈਲ ਸਿੰਘ ਬੋਢੀ ,ਹਰਪ੍ਰੀਤ ਸਿੰਘ ਚੀਮਾ ਮੌਜੂਦ ਸਨ। ਗੁਰੂ ਦਾ ਲੰਗਰ ਅਤੁੱਟ ਵਰਤਿਆ।
ਲੰਗਰ ਦੀ ਸੇਵਾ ਕਰਨ ਵਾਲੀਆਂ ਬੀਬੀਆਂ ਦਾ ਸਨਮਾਨ