ਵਾਤਾਵਰਣ ਦਿਹਾੜੇ ਵਜੋਂ ਮਨਾਇਆ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰੂ ਕੇ ਬਾਗ ਵਿੱਚ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ’ਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਗੁਰਦੇਵ ਸਿੰਘ ਖਾਲਸਾ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਕੇ ਬਾਗ ਵਿੱਚ ਬੂਟੇ ਲਗਾਏ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਸੁਨੇਹੇ ਨੂੰ ਪ੍ਰਚਾਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਸਬੰਧਤ ਅੱਜ ਦੇ ਦਿਹਾੜੇ ਸਭ ਦਾ ਫ਼ਰਜ਼ ਹੈ ਕਿ ਇਸ ਸੁਨੇਹੇ ਨੂੰ ਅੱਗੇ ਵਧਾਇਆ ਜਾਵੇ। ਸ਼੍ਰੋਮਣੀ ਕਮੇਟੀ ਵਾਤਾਵਰਣ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਕਾਰਜਸ਼ੀਲ ਹੈ, ਜਿਸ ਤਹਿਤ ਬੀਤੇ ਸਮੇਂ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਬੂਟੇ ਲਗਾ ਕੇ ਹਰਿਆਵਲ ਵਿੱਚ ਵਾਧੇ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤ ਲਈ ਵੱਡੀ ਪ੍ਰੇਰਣਾ ਦੇ ਰੂਪ ਵਿੱਚ ਹੈ। ਇਥੇ ਵੱਖ-ਵੱਖ ਤਰ੍ਹਾਂ ਦੇ ਬੂਟੇ ਅਤੇ ਸੈਂਕੜੇ ਕਿਸਮ ਦੇ ਗੁਲਾਬ ਵਾਤਾਵਰਣ ਸੰਭਾਲ ਲਹਿਰ ਨੂੰ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਗੁਰਤਾਗੱਦੀ ਦਿਹਾੜੇ ਦੀ ਵਧਾਈ ਦਿੰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਝੱਬਰ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਆਦਿ ਮੌਜੂਦ ਸਨ।