ਗੁਰੂ ਹਰਿਗੋਬਿੰਦ: ਪਹਿਲੀ ਜੰਗ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 15 ਜੂਨ
ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਅਤੇ ਚਉਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਵਿਚ ਨਿਹੰਗ ਸਿੰਘ ਘੋੜਿਆਂ ਸਮੇਤ ਸ਼ਾਮਲ ਹੋਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ। ਨਗਰ ਕੀਰਤਨ ਦਾ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖਾਂ ਨੂੰ ਵੱਖਰੀ ਪਛਾਣ ਦਿੱਤੀ, ਜੋ ਹਮੇਸ਼ਾ ਹੀ ਸਰਬੱਤ ਦੇ ਭਲੇ ਲਈ ਤਤਪਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਨਿਜ ਲਈ ਨਹੀਂ, ਸਗੋਂ ਜ਼ੁਲਮ ਦੇ ਖ਼ਿਲਾਫ਼ ਲੜਾਈ ਲੜੀ ਅਤੇ ਜਿੱਤ ਦਰਜ ਕੀਤੀ। ਉਨ੍ਹਾਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਛੇਵੇਂ ਗੁਰੂ ਵੱਲੋਂ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਲੜੀ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ 16 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਗੁਰਦੁਆਰਾ ਸ਼ਹੀਦ ਗੰਜ ਦੇ ਮੈਨੇਜਰ ਹਰਪ੍ਰੀਤ ਸਿੰਘ, ਬਾਬਾ ਦਰਸ਼ਨ ਸਿੰਘ ਕੁੱਲ੍ਹੀ ਵਾਲੇ, ਬਾਬਾ ਤਰਸੇਮ ਸਿੰਘ, ਅਮਰਬੀਰ ਸਿੰਘ ਢੋਟ, ਮੀਤ ਮੈਨੇਜਰ ਜਸਬੀਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਕੁਲਦੀਪ ਸਿੰਘ ਪੰਡੋਰੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।