ਗੁਰੂ ਹਰਿਕ੍ਰਿਸ਼ਨ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਜੁਲਾਈ
ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ਼ਰਧਾ ਨਾਲ ਮਨਾਇਆ ਗਿਆ । ਇਸ ਸਬੰਧ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰੋਵਰ ਵਿੱਚ ਇਸ਼ਨਾਨ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਅੱਜ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪੁੱਜੀ ਹੋਈ ਸੀ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਤੇ ਹੋਰ ਗੁਰਦੁਆਰਿਆਂ ਵਿੱਚ ਦੀਪਮਾਲਾ ਕੀਤੀ ਗਈ ਅਤੇ ਰਾਤ ਨੂੰ ਆਤਿਸ਼ਬਾਜ਼ੀ ਵੀ ਚਲਾਈ ਗਈ। ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਵਿਸ਼ੇਸ਼ ਪਕਵਾਨ ਤਿਆਰ ਕੀਤੇ ਗਏ ਸਨ ,ਜਿਨ੍ਹਾਂ ਵਿੱਚ ਖੀਰ ਅਤੇ ਪੂੜੇ ਵੀ ਸ਼ਾਮਲ ਸਨ। ਇਸੇ ਤਰ੍ਹਾਂ ਸ਼ਹਿਰ ਦੇ ਹੋਰ ਗੁਰਦੁਆਰਿਆਂ ਵਿੱਚ ਵੀ ਪ੍ਰਕਾਸ਼ ਪੁਰਬ ਮਨਾਇਆ ਗਿਆ ।ਇਸੇ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਸੰਗਤ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਹਰ ਇਨਸਾਨ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨ ਲਈ ਕਿਹਾ। ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਕੀਰਤਨ ਗਾਇਨ ਕੀਤਾ। ਉਪਰੰਤ ਸਿੱਖ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਗੁਰਪ੍ਰੀਤ ਸਿੰਘ ਗਿੱਲ ਹਾਜ਼ਰ ਸਨ।