ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡਾਂ ਵਿੱਚ ਸਿਰਜਿਆ ਇਤਿਹਾਸ
ਪੱਤਰ ਪ੍ਰੇਰਕ
ਅੰਮ੍ਰਿਤਸਰ, 20 ਦਸੰਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ 54 ਸਾਲਾਂ ਦੇ ਇਤਿਹਾਸ ਵਿਚ 25ਵੀਂ ਵਾਰ ਖੇਡਾਂ ਵਿਚ ਸਭ ਤੋਂ ਵੱਕਾਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀ ਇੱਕੋ ਇਕ ਯੂਨੀਵਰਸਿਟੀ ਹੈ ਜਿਹੜੀ ਦੇਸ਼ ਦੇ ਰਾਸ਼ਟਰਪਤੀ ਪਾਸੋਂ ਰਾਸ਼ਟਰਪਤੀ ਭਵਨ ਵਿਚ 9 ਜਨਵਰੀ 2024 ਨੂੰ 25ਵੀਂ ਵਾਰ ਮਾਕਾ ਟਰਾਫ਼ੀ ਪ੍ਰਾਪਤ ਕਰੇਗੀ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਯੂਨੀਵਰਸਿਟੀ ਨੂੰ ਇਸ ਵੱਕਾਰੀ ਟਰਾਫ਼ੀ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ। ਪੱਤਰਕਾਰਾਂ ਨਾਲ ਖ਼ੁਸ਼ਖ਼ਬਰੀ ਸਾਂਝੀ ਕਰਦਿਆਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ 25ਵੀਂ ਵਾਰ ‘ਮਾਕਾ’ ਟਰਾਫ਼ੀ ਮਿਲਣ ਦਾ ਸਿਹਰਾ ਖਿਡਾਰੀਆਂ, ਕੋਚਾਂ ਅਤੇ ਯੋਗ ਪ੍ਰਬੰਧਕਾਂ ਦੇ ਸਿਰ ਸਜਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਜੇਤੂ ਖਿਡਾਰੀਆਂ ਨੂੰ ਹਰ ਸਾਲ 2.00 ਕਰੋੜ ਰੁਪਏ ਦੇ ਨਕਦ ਇਨਾਮ ਨਾਲ ਵੀ ਸਨਮਾਨਿਤ ਕੀਤਾ ਜਾਂਦਾ ਹੈ। ਵਾਈਸ ਚਾਂਸਲਰ ਡਾ. ਸੰਧੂ ਨੇ ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ, ਸਾਰੇ ਖਿਡਾਰੀਆਂ, ਕੋਚਾਂ, ਪ੍ਰਿੰਸੀਪਲਾਂ ਅਤੇ ਹੋਰ ਸਾਰੇ ਸਹਿਯੋਗੀ ਤਕਨੀਕੀ ਅਧਿਕਾਰੀਆਂ ਨੂੰ ਇਸ ਵੱਕਾਰੀ ਪੁਰਸਕਾਰ ਦੀ ਜਿੱਤ ਲਈ ਵਧਾਈ ਦਿੱਤੀ ਹੈ।