ਅੱਜ ਗੜੇ ਪੈਣ ਦੀ ਪੇਸ਼ੀਨਗੋਈ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਦਸੰਬਰ
ਪੰਜਾਬ ਤੇ ਹਰਿਆਣਾ ਸਣੇ ਉੱਤਰ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ 27 ਦਸੰਬਰ ਨੂੰ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਗੜੇ ਪੈਣ ਅਤੇ ਸ਼ਹਿਰਾਂ ਵਿੱਚ ਹਲਕਾ ਜਾਂ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਮੌਸਮ ਵਿਗਿਆਨੀ ਨੇ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਲੁਧਿਆਣਾ, ਬਰਨਾਲਾ, ਪਟਿਆਲਾ, ਸੰਗਰੂਰ, ਮੁਹਾਲੀ ਤੇ ਨਾਲ ਲਗਦੇ ਇਲਾਕਿਆਂ ਵਿੱਚ ਗੜੇਮਾਰੀ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ, ਜਿਸ ਕਰਕੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਅੱਜ ਪਠਾਨਕੋਟ ਤੇ ਫਰੀਦਕੋਟ ਸਭ ਤੋਂ ਠੰਢੇ ਸ਼ਹਿਰ ਰਹੇ, ਜਿੱਥੇ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ 7.3 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 5.7, ਲੁਧਿਆਣਾ ਤੇ ਪਟਿਆਲਾ ਵਿੱਚ 7.4, ਗੁਰਦਾਸਪੁਰ ਵਿੱਚ 6, ਨਵਾਂਸ਼ਹਿਰ ਵਿੱਚ 7, ਬਰਨਾਲਾ ਵਿੱਚ 6.9, ਫ਼ਤਹਿਗੜ੍ਹ ਸਾਹਿਬ ਵਿੱਚ 6.8, ਫਾਜ਼ਿਲਕਾ ਵਿੱਚ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।