For the best experience, open
https://m.punjabitribuneonline.com
on your mobile browser.
Advertisement

ਹਮੀਦੀ ਵਾਸੀਆਂ ਨੇ ‘ਆਪ’ ਉਮੀਦਵਾਰ ਤੋਂ ਪੁੱਛੇ ਸੁਆਲ

08:19 AM May 16, 2024 IST
ਹਮੀਦੀ ਵਾਸੀਆਂ ਨੇ ‘ਆਪ’ ਉਮੀਦਵਾਰ ਤੋਂ ਪੁੱਛੇ ਸੁਆਲ
ਹਮੀਦੀ ਵਿੱਚ ਨੌਜਵਾਨਾਂ ਦੇ ਸੁਆਲਾਂ ਦੇ ਜੁਆਬ ਦਿੰਦੇ ਹੋਏ ਕੈਬਨਿਟ ਮੰਤਰੀ ਮੀਤ ਹੇਅਰ।
Advertisement

ਨਵਕਿਰਨ ਸਿੰਘ
ਮਹਿਲ ਕਲਾਂ, 15 ਮਈ
ਚੋਣ ਪ੍ਰਚਾਰ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਵਿੱਚ ਪਹੁੰਚੇ ‘ਆਪ’ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਿੰਡ ਵਾਸੀਆਂ ਦੇ ਤਿੱਖੇ ਸੁਆਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਹਾਜ਼ਰ ਸਨ। ‘ਆਪ’ ਉਮੀਦਵਾਰ ਦੀ ਆਮਦ ਦੇ ਮੱਦੇਨਜ਼ਰ ਪਿੰਡ ਦੇ ਦਰਜਨਾਂ ਨੌਜਵਾਨ ਕਾਲੀਆਂ ਝੰਡੀਆਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪਿੰਡ ਦੀ ਸੱਥ ਵਿੱਚ ਪਹੁੰਚੇ ਸਨ ਜਿਸ ਕਾਰਨ ਪੁਲੀਸ ਪ੍ਰਸ਼ਾਸਨ ਨੂੰ ਭਾਜੜ ਪਈ ਰਹੀ। ਪ੍ਰਸ਼ਾਸਨ ਨੇ ਸੱਤਾ ਧਿਰ ਦਾ ਵਿਰੋਧ ਟਾਲਣ ਦਾ ਕਾਫੀ ਯਤਨ ਕੀਤਾ ਪਰ ਨੌਜਵਾਨ ਤੇ ਔਰਤਾਂ ਸਵਾਲ ਪੁੱਛਣ ਲਈ ਬਜ਼ਿੱਦ ਰਹੇ।
ਇਸ ਮੌਕੇ ਪਿੰਡ ਦੇ ਨੌਜਵਾਨਾਂ ਅਤੇ ਔਰਤਾਂ ਨੇ ‘ਆਪ’ ਉਮੀਦਵਾਰ ਨੂੰ ਸੁਆਲ ਕੀਤਾ ਕਿ ਅਜੇ ਤੱਕ ਬੇਅਦਬੀਆਂ ਦੇ ਮਾਮਲੇ ਵਿੱਚ ਇਨਸਾਫ ਕਿਉਂ ਨਹੀਂ ਮਿਲਿਆ, ਪੰਜਾਬ ਵਿੱਚ ਅਜੇ ਵੀ ਨਸ਼ੇ ਕਿਉਂ ਵਿਕ ਰਹੇ ਹਨ। ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਐੱਨਐੱਸਏ ਤਹਿਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਪਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਦੋ ਸਾਲਾਂ ਵਿੱਚ ਬਹੁਤ ਕੰਮ ਕੀਤੇ ਹਨ। ਉਨ੍ਹਾਂ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਦਾ ਦਾਅਵਾ ਕੀਤਾ। ਇਸ ਮੌਕੇ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਤੇ ਹਲਕਾ ਵਿਧਾਇਕ ਕੁਲਵੰਤ ਪੰਡੋਰੀ ਨੇ ਕਿਹਾ ਕਿ ਅਜੇ ਸਰਕਾਰ ਦਾ ਤਿੰਨ ਸਾਲ ਦਾ ਸਮਾਂ ਬਾਕੀ ਹੈ ਅਤੇ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ। ਇਸ ਮੌਕੇ ਨੌਜਵਾਨਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Advertisement

ਪਿੰਡ ਹੇੜੀਕੇ ਵਿੱਚ ਮੀਤ ਹੇਅਰ ਦਾ ਵਿਰੋਧ

ਸ਼ੇਰਪੁਰ (ਬੀਰਬਲ ਰਿਸ਼ੀ): ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਅੱਜ ਸ਼ਾਮ ਸਮੇਂ ਪਿੰਡ ਹੇੜੀਕੇ ਵਿੱਚ ਖਿਡਾਰੀਆਂ ਤੇ ਪਿੰਡ ਦੀਆਂ ਔਰਤਾਂ ਨੇ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਪਿੰਡ ਵਾਸੀ ਮੰਗ ਕਰ ਰਹੇ ਸਨ ਕਿ ਪਿੰਡ ਵਿੱਚ ਲਾਇਬ੍ਰੇਰੀ ਦੀ ਲੋੜ ਸਬੰਧੀ ਜਾਣੂ ਕਰਵਾਇਆ ਗਿਆ ਸੀ ਅਤੇ ਪਿੰਡ ਵਿੱਚ ਸਟੇਡੀਅਮ ਲਈ ਪੰਚਾਇਤੀ ਮਤਾ ਵੀ ਪਾ ਕੇ ਦਿੱਤਾ ਗਿਆ ਪਰ ਲੋਕਾਂ ਦੀ ਸਮੱਸਿਆ ਨਹੀਂ ਸੁਣੀ ਜਿਸ ਕਰਕੇ ਉਹ ਨਰਾਜ਼ਗੀ ਪ੍ਰਗਟ ਕਰ ਰਹੇ ਹਨ। ਇਸ ਵਿਰੋਧ ਦੇ ਮੱਦੇਨਜ਼ਰ ‘ਆਪ’ ਉਮੀਦਵਾਰ ਮੀਤ ਹੇਅਰ ਤੇ ‘ਆਪ’ ਵਿਧਾਇਕ ਦਾ ਕਾਫ਼ਲਾ ਪਿੰਡ ਹੇੜੀਕੇ ਵਿੱਚ ਨਾ ਪਹੁੰਚਿਆ।

Advertisement
Author Image

sukhwinder singh

View all posts

Advertisement
Advertisement
×